For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪੁੱਤਰ ਦੇ ਹੱਕ ’ਚ ਚੋਣ ਮੁਹਿੰਮ ਵਿੱਢੀ

08:48 AM May 01, 2024 IST
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪੁੱਤਰ ਦੇ ਹੱਕ ’ਚ ਚੋਣ ਮੁਹਿੰਮ ਵਿੱਢੀ
ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਮਾਪੇ ਤੇ ਹੋਰ। -ਫੋਟੋ: ਵਿਸ਼ਾਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਭਾਈ ਅੰਮ੍ਰਿਤਪਾਲ ਦੇ ਹੱਕ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਬੀਤੇ ਦਿਨ ਉਸ ਦੇ ਮਾਪਿਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਪਰਿਵਾਰ ਅਤੇ ਸਮਰਥਕਾਂ ਵੱਲੋਂ ਅੱਜ ਉਸ ਦੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਸ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਆਖਿਆ ਕਿ ਸੰਗਤ ਦੀ ਵੱਡੇ ਪੱਧਰ ’ਤੇ ਆਈ ਮੰਗ ਅਤੇ ਪੰਥਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਲੜਨ ਵਾਸਤੇ ਸਹਿਮਤੀ ਦਿੱਤੀ ਹੈ। ਉਨ੍ਹਾਂ ਪੰਥਕ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਪੰਥਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਨੂੰ ਹਮਾਇਤ ਦੇਣ ਤੇ ਉਸ ਦੀ ਜਿੱਤ ਨੂੰ ਪੱਕਾ ਕਰਨ ਤਾਂ ਜੋ ਬੰਦੀ ਸਿੱਖਾਂ ਦੀ ਰਿਹਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਰਿਹਾਈ ਅਤੇ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਸਬੰਧੀ ਹੈਰੀਟੇਜ ਸਟਰੀਟ ’ਚ ਲਾਇਆ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ।

Advertisement

ਪਰਿਵਾਰ ਨੇ ਤਰਨ ਤਾਰਨ ਦੇ ਗੁਰੂ ਘਰ ਵਿੱਚ ਵੀ ਮੱਥਾ ਟੇਕਿਆ

ਤਰਨ ਤਾਰਨ (ਪੱਤਰ ਪ੍ਰੇਰਕ): ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਤਰਨ ਤਾਰਨ ਦਰਬਾਰ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਹਮਾਇਤ ਲੈਣ ਲਈ ਦਲ ਦੇ ਆਗੂਆਂ ਨੂੰ ਮਿਲ ਸਕਦੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ, ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਮੌਜੂਦ ਸਨ।

Advertisement
Author Image

Advertisement
Advertisement
×