ਅੰਮ੍ਰਿਤਸਰ: ਕਾਂਗਰਸ ਨੇ ਨਿਗਮ ਨਿਗਮ ਖ਼ਿਲਾਫ਼ ਸੰਘਰਸ਼ ਵਿੱਢਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਸਤੰਬਰ
ਇੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਹਾਲ ਗੇਟ ਅੱਗੇ ਨਗਰ ਨਿਗਮ ਅੰਮ੍ਰਿਤਸਰ ਖ਼ਿਲਾਫ਼ ਧਰਨਾ ਦਿੱਤਾ। ਇਸ ਦੌਰਾਨ ਕਾਂਗਰਸੀ ਕਾਰਕੁਨਾਂ ਨੇ ਨਗਰ ਨਿਗਮ ’ਤੇ ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਾਉਂਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਹੇਠ ਆਉਂਦੀਆਂ ਵਾਰਡਾਂ ਦੇ ਕਾਂਗਰਸੀ ਕੌਂਸਲਰਾਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਅਨੁਸਾਰ ਧਰਨੇ ਨੂੰ ਸਾਬਕਾ ਮੰਤਰੀ ਓਪੀ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਓਪੀ ਸੋਨੀ ਨੇ ਆਖਿਆ ਕਿ ਨਗਰ ਨਿਗਮ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਵਿੱਚ ਅਸਫਲ ਰਹੀ ਹੈ। ਸ਼ਹਿਰ ਵਿੱਚੋਂ ਕੂੜਾ ਚੁੱਕਣ ਦਾ ਕੰਮ ਠੀਕ ਢੰਗ ਨਾਲ ਨਹੀਂ ਹੋ ਰਿਹਾ, ਜਿਸ ਕਾਰਨ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸੀਵਰੇਜ ਵਿਵਸਥਾ ਫੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਿੱਥੇ ਟਿਊਬਵੈੱਲ ਖਰਾਬ ਹੋ ਚੁੱਕੇ ਹਨ, ਉਥੇ ਨਵੇਂ ਟਿਊਬਵੈਲ ਨਹੀਂ ਲਗਾਏ ਜਾ ਰਹੇ। ਸ਼ਹਿਰ ਵਿੱਚ ਸਟਰੀਟ ਲਾਈਟਾਂ ਦਾ ਬੁਰਾ ਹਾਲ ਹੈ ਅਤੇ ਸੜਕਾਂ ਵੀ ਖਸਤਾ ਹਾਲਤ ਵਿੱਚ ਹਨ। ਉਨ੍ਹਾਂ ਆਖਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਈ ਵਾਰੀ ਕੁੰਭਕਰਨੀ ਨੀਂਦ ਤੋਂ ਜਗਾਇਆ ਹੈ ਪਰ ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕੀ। ਬੁਲਾਰਿਆਂ ਨੇ ਆਖਿਆ ਕਿ ਕਾਂਗਰਸ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਇਨ੍ਹਾਂ ਮੁਢਲੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਸੜਕਾਂ ’ਤੇ ਆਵੇਗੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਖ਼ਿਲਾਫ਼ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਗੁਰੂ ਦੀ ਨਗਰੀ ਹੈ ਬੇਮਿਸਾਲ ਪਰ ਕੂੜੇ ਨੇ ਕੀਤਾ ਮੰਦਾ ਹਾਲ’, ‘ਗੁਰੂ ਦੀ ਨਗਰੀ ਦਾ ਨਹੀਂ ਹੈ ਕੋਈ ਮੁੱਲ-ਪਰ ਗਲੀ ਮੁਹੱਲੇ ਦੀ ਹੈ ਬੱਤੀ ਗੁੱਲ’ ਜਿਹੇ ਨਾਅਰੇ ਲਿਖੇ ਹੋਏ ਸਨ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੁਵਿੰਦਰ ਸਿੰਘ ਛਿੰਦਾ, ਬੱਬੀ ਪਹਿਲਵਾਨ, ਕੌਂਸਲਰ ਕਾਂਗਰਸੀ ਆਗੂ ਤੇ ਹੋਰ ਅਹੁਦੇਦਾਰ ਸ਼ਾਮਲ ਸਨ।