ਅੰਮ੍ਰਿਤਸਰ: ਕਸਬਾ ਦੋਬੁਰਜੀ ’ਚ ਅਮਰੀਕਾ ਵਾਸੀ ਨੌਜਵਾਨ ਨੂੰ ਘਰ ’ਚ ਗੋਲੀਆਂ ਮਾਰੀਆਂ
ਚੰਡੀਗੜ੍ਹ, 24 ਅਗਸਤ
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ।ਘਟਨਾ ਤੋਂ ਬਾਅਦ ਪੁਲੀਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਟੀਮ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਵੀ ਕੀਤੀ। ਬਾਦਲ ਨੇ ਐਕਸ 'ਤੇ ਪੋਸਟ ਵਿੱਚ ਕਿਹਾ, ‘ਤੁਹਾਡੇ ਸੂਬੇ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਪੰਜਾਬੀ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ, ਮੈਨੂੰ ਲੱਗਦਾ ਹੈ ਕਿ ਤੁਹਾਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।’