ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਸਤੰਬਰ
ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਮੈਂਬਰ ਰਾਜਾਂ ਨੂੰ ਪਾਣੀਆਂ ਦੀ ਵੰਡ ਸਬੰਧੀ ਆਪਸੀ ਵਿਵਾਦ ‘ਖੁੱਲ੍ਹੇ ਮਨ’ ਅਤੇ ਆਪਸੀ ਸੰਵਾਦ ਨਾਲ ਹੱਲ ਕਰਨ ਦਾ ਸੱਦਾ ਦਿੱਤਾ ਹੈ। ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਰਹੱਦਾਂ ਦੀ ਸੁਰੱਖਿਆ ਅਤੇ ਚੌਕਸੀ ਲਈ ਵਚਨਬੱਧ ਹੈ ਅਤੇ ਜਲਦੀ ਹੀ ਸਰਹੱਦਾਂ ’ਤੇ ਐਂਟੀ-ਡਰੋਨ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਸੂਬਿਆਂ ਵਿੱਚ ਕੁਦਰਤੀ ਅਤੇ ਆਰਗੈਨਿਕ ਖੇਤੀ ਵਿਧੀ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਨਾਰਕੋਟਿਕਸ ਅਤੇ ਅਤਿਵਾਦ ਨੂੰ ਨਕੇਲ ਪਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਸਕੂਲੀ ਬੱਚਿਆਂ ਦੇ ਪੜ੍ਹਾਈ ਵਿਚਾਲੇ ਛੱਡਣ ਤੇ ਕੁਪੋਸ਼ਣ ਜਿਹੇ ਮੁੱਦਿਆਂ ਨੂੰ ਉਨ੍ਹਾਂ ਤਰਜੀਹੀ ਮੁੱਦੇ ਦੱਸਦੇ ਹੋਏ ਸਾਰੇ ਸੂਬਿਆਂ ਦੇ ਪ੍ਰਤੀਨਿਧਾਂ ਨੂੰ ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਦਿੱਲੀ ਦੇ ਉਪ ਰਾਜਪਾਲ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਲੇਹ ਤੋਂ ਪ੍ਰਤੀਨਿਧ ਸ਼ਾਮਲ ਸਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨ ਆਏ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਪੁਲੀਸ ਨੇ ਹਵਾਈ ਅੱਡੇ ਨੇੜੇ ਹਿਰਾਸਤ ਵਿੱਚ ਲੈ ਲਿਆ।

ਜਥੇਬੰਦੀ ਦੇ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਕਾਰਕੁਨਾਂ ਨੂੰ ਰਾਜਾਸਾਂਸੀ ਥਾਣੇ ਵਿਖੇ ਲਿਆਂਦਾ ਗਿਆ ਹੈ। ਉਹ ਵੱਖ-ਵੱਖ ਕਿਸਾਨ ਮੰਗਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਦਾ ਵਿਰੋਧ ਕਰਨ ਲਈ ਪੁੱਜੇ ਸਨ। ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਚੁੱਕੀਆਂ ਹੋਈਆਂ ਸਨ ਅਤੇ ਕਾਲੀਆਂ ਦਸਤਾਰਾਂ ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਹਵਾਈ ਅੱਡੇ ਵੱਲ ਜਾਣ ਤੋਂ ਰੋਕਿਆ ਤੇ ਹਿਰਾਸਤ ਵਿੱਚ ਲੈ ਲਿਆ।