ਅੰਮ੍ਰਿਤਸਰ: ਨਾਮਜ਼ਦਗੀਆਂ ਰੱਦ ਹੋਣ ਸਬੰਧੀ ਜਾਣਕਾਰੀ ਨਾ ਮਿਲਣ ’ਤੇ ਵਿਰੋਧੀਆਂ ਨੇ ਨਾਰਾਜ਼ਗੀ ਪ੍ਰਗਟਾਈ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਦਸੰਬਰ
ਅੰਮ੍ਰਿਤਸਰ ਨਗਰ ਨਿਗਮ ਅਤੇ ਜ਼ਿਲ੍ਹੇ ਵਿੱਚ ਪੰਜ ਵੱਖ-ਵੱਖ ਥਾਵਾਂ ’ਤੇ ਨਗਰ ਪੰਚਾਇਤਾਂ ਅਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਅੱਜ ਜਾਂਚ ਤੋਂ ਬਾਅਦ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਸਬੰਧੀ ਦੇਰ ਸ਼ਾਮ ਤੱਕ ਕੋਈ ਜਾਣਕਾਰੀ ਨਾ ਦਿੱਤੇ ਜਾਣ ’ਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਰਾਜਾਸਾਂਸੀ ਖੇਤਰ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਨੇ ਮਿਲ ਕੇ ਰੋਸ ਪ੍ਰਗਟਾਇਆ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣ ਹਾਰ ਜਾਣ ਦੇ ਡਰ ਕਾਰਨ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਰ ਸ਼ਾਮ ਤੱਕ ਰੱਦ ਕੀਤੇ ਗਏ ਨਾਮਜ਼ਦਗੀ ਪੱਤਰਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਜਦੋਂਕਿ ਇਸ ਸਬੰਧੀ ਤਿੰਨ ਵਜੇ ਤੱਕ ਦਾ ਸਮਾਂ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਇੱਕ ਰਿਟਰਨਿੰਗ ਅਧਿਕਾਰੀ ਸਮੇਤ ਹੋਰਨਾਂ ਨੂੰ ਮਿਲ ਕੇ ਆਏ ਹਨ ਪਰ ਗੱਲ ਦੀ ਸੁਣਵਾਈ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਪੱਖੀ ਹਵਾ ਹੈ ਅਤੇ ਵਧੇਰੇ ਥਾਵਾਂ ਤੇ ਭਾਜਪਾ ਦੇ ਮੇਅਰ ਬਣਨਗੇ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਨਗਰ ਨਿਗਮ ਦੀਆਂ 85 ਵਾਰਡਾਂ ਲਈ ਕੁੱਲ 709 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਜਿਨ੍ਹਾਂ ’ਚੋਂ 53 ਰੱਦ ਕਰ ਦਿੱਤੇ ਗਏ ਹਨ ਜਦਕਿ 656 ਠੀਕ ਮਿਲੇ ਹਨ। ਦਿਹਾਤੀ ਖੇਤਰ ਦੀਆਂ ਪੰਜ ਨਗਰ ਪੰਚਾਇਤਾਂ ਵਾਸਤੇ ਕੁੱਲ 176 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਇੰਜ, ਕੁੱਲ 885 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਸਨ।