ਅੰਮ੍ਰਿਤਸਰ: ਪੇਂਟ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਮੌਤਾਂ, ਇੱਕ ਜ਼ਖ਼ਮੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜੂਨ
ਇਥੇ ਅੰਨਗੜ੍ਹ ਇਲਾਕੇ ਵਿੱਚ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਛੇਹਰਟਾ ਦੇ ਇੰਦਰਜੀਤ ਸ਼ਮੀ (60) ਅਤੇ ਤਹਿਸੀਲਪੁਰਾ ਇਲਾਕੇ ਦੇ ਕਿਸ਼ਨ (50) ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਅੱਜ ਸਵੇਰੇ ਇਸ ਫੈਕਟਰੀ ਵਿੱਚ ਅੱਗ ਲਗੀ ਤਾਂ ਇਹ ਸਾਰੇ ਕਮਰਚਾਰੀ ਕਾਰਖਾਨੇ ਅੰਦਰ ਕੰਮ ਕਰ ਰਹੇ ਸਨ। ਉਨ੍ਹਾਂ ਨੇ ਇਮਾਰਤ ਤੋਂ ਬਾਹਰ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪਰ ਰਸਾਇਣ, ਥਿਨਰ ਅਤੇ ਹੋਰ ਜਲਣਸ਼ੀਲ ਪਦਾਰਥਾਂ ਦੀ ਮੌਜੂਦਗੀ ਕਾਰਨ, ਅੱਗ ਨੇ ਕੁਝ ਹੀ ਸਮੇਂ ਵਿੱਚ ਸਮੁੱਚੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਮੌਕੇ ’ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਹ ਕਰਮਚਾਰੀ ਫੈਕਟਰੀ ਦੇ ਪਿਛਲੇ ਪਾਸੇ ਦਾ ਗੇਟ ਬੰਦ ਹੋਣ ਕਾਰਨ ਅੰਦਰ ਫਸ ਗਏ। ਘਟਨਾ ਵਿੱਚ ਉਨ੍ਹਾਂ ਦਾ ਸਰੀਰ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਜਦੋ ਕਿ ਇਕ ਜ਼ਖ਼ਮੀ ਕਿਸੇ ਤਰ੍ਹਾਂ ਬਾਹਰ ਆ ਗਿਆ ਅਤੇ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ। ਉਸ ਦੀਆਂ ਲੱਤਾਂ ਸੜਨ ਕਾਰਨ ਉਹ ਗੰਭੀਰ ਜ਼ਖ਼ਮੀ ਹੈ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ ਸੀ ਕਿਉਂਕਿ ਕੰਟਰੋਲ ਰੂਮ ’ਤੇ ਅੱਗ ਲੱਗਣ ਦੀ ਸੂਚਨਾ ਆ ਗਈ ਸੀ। ਇਮਾਰਤ ਵਿੱਚ ਜਲਣਸ਼ੀਲ ਪਦਾਰਥ ਸਨ, ਜਿਸ ਕਾਰਨ ਧਮਾਕੇ ਹੋਏ ਅਤੇ ਧੂੰਆਂ ਨਿਕਲਿਆ। ਇਸ ਲਈ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਨੇੜਲੀਆਂ ਇਮਾਰਤਾਂ ਅਤੇ ਰਿਹਾਇਸ਼ਾਂ ਨੂੰ ਖਾਲੀ ਕਰਵਾ ਲਿਆ ਗਿਆ।
ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਫੈਕਟਰੀ ਦੇ ਮਾਲਕ ਦੀ ਪਛਾਣ ਰੂਪ ਨਗਰ ਦੇ ਅਸ਼ਵਨੀ ਕੁਮਾਰ ਵਜੋਂ ਹੋਈ ਹੈ ਅਤੇ ਉਸ ਵਿਰੁੱਧ ਅਣਗਹਿਲੀ ਵਰਤਣ ਲਈ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਪੇਂਟ ਫੈਕਟਰੀ ਕਾਨੂੰਨੀ ਸੀ ਜਾਂ ਗੈਰ-ਕਾਨੂੰਨੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਫੋਰੈਂਸਿਕ ਵਿਸ਼ਲੇਸ਼ਣ ਮਗਰੋਂ ਹੀ ਪਤਾ ਲੱਗ ਸਕੇਗਾ। ਪੀੜਤਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਸਥਿਤੀ ’ਤੇ ਕਾਬੂ ਪਾਉਣ ਅਤੇ ਅੱਗ ਬੁਝਾਉਣ ਵਿੱਚ ਕਈ ਘੰਟੇ ਲੱਗ ਗਏ। ਫਾਇਰ ਅਫਸਰ ਦਿਲਬਾਗ ਸਿੰਘ ਨੇ ਕਿਹਾ ਕਿ ਪੰਜ ਤੋਂ ਵੱਧ ਫਾਇਰ ਟੈਂਡਰਾਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਥਿਨਰ ਦੇ ਡਰੰਮ ਫਟ ਰਹੇ ਸਨ, ਇਸ ਲਈ ਅੱਗ ਬੁਝਾਉਣ ਵਿੱਚ ਸਮਾਂ ਲੱਗ ਰਿਹਾ ਸੀ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।