ਕਾਂਗਰਸ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਐਲਾਨ
ਪੱਤਰ ਪ੍ਰੇਰਕ
ਨਰਾਇਣਗੜ੍ਹ, 28 ਸਤੰਬਰ
ਨਰਾਇਣਗੜ੍ਹ ਤੋਂ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ ਨੇ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਚੌਧਰੀ ਰਾਮ ਕਿਸ਼ਨ ਗੁੱਜਰ ਅਤੇ ਕਈ ਸਮਰਥਕ ਉਨ੍ਹਾਂ ਦੇ ਨਾਲ ਰਹੇ। ਉਨ੍ਹਾਂ ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਰਜਪੁਰਾ, ਮੱਘਰਪੁਰਾ, ਸੈਣ ਮਾਜਰਾ, ਅਹਿਮਦਪੁਰ ਆਦਿ ਤੋਂ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ ਵਿੱਚ ਕਾਂਗਰਸ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇਗੀ ਅਤੇ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਿਰਤੋੜ ਯਤਨ ਕੀਤੇ ਜਾਣਗੇ।
ਇਸ ਮੌਕੇ ਚੌਧਰੀ ਰਾਮ ਕਿਸ਼ਨ ਗੁੱਜਰ ਨੇ ਵੀ ਕਾਂਗਰਸ ਦੇ ਐਲਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ ਤਾਂ ਸਾਰੇ ਬਜ਼ੁਰਗਾਂ ਨੂੰ 6000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।
ਇਸ ਦੌਰਾਨ ਸਾਰੇ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ।
ਬਜ਼ੁਰਗਾਂ ਅਤੇ ਦਿਵਿਆਂਗਾਂ ਦੀਆਂ ਘਰ-ਘਰ ਜਾ ਕੇ ਵੋਟਾਂ ਪੁਆਈਆਂ
ਰਤੀਆ (ਪੱਤਰ ਪ੍ਰੇਰਕ): ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਰਤੀਆ ਵਿਧਾਨ ਸਭਾ ਹਲਕੇ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਧਾਨ ਸਭਾ ਚੋਣਾਂ ਲਈ ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਦੀਆਂ ਘਰ-ਘਰ ਜਾ ਕੇ ਗੁਪਤ ਵੋਟਿੰਗ ਪ੍ਰਕਿਰਿਆ ਤਹਿਤ ਵੋਟਾਂ ਪੁਆਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਤੀਆ ਵਿਧਾਨ ਸਭਾ ਹਲਕੇ ਵਿੱਚ 85 ਸਾਲ ਤੋਂ ਵੱਧ ਉਮਰ ਦੇ 253 ਬਜ਼ੁਰਗ ਅਤੇ 76 ਅੰਗਹੀਣ ਵੋਟਰ ਹਨ। ਜਿਨ੍ਹਾਂ ਦੀ ਵੋਟ ਹੈ, ਉਨ੍ਹਾਂ ਦੇ ਘਰ ਦੇ ਦਰਵਾਜ਼ੇ ’ਤੇ ਬੈਲਟ ਪੇਪਰ ਰਾਹੀਂ ਗੁਪਤ ਵੋਟਿੰਗ ਪ੍ਰਕਿਰਿਆ ਕਰਵਾਈ ਜਾ ਰਹੀ ਹੈ। ਇਹ ਵੋਟਿੰਗ ਪ੍ਰਕਿਰਿਆ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ 23 ਸਤੰਬਰ ਤੋਂ ਸ਼ੁਰੂ ਕੀਤੀ ਗਈ ਹੈ।