ਪੰਜਾਬੀਆਂ ਨੂੰ ਸਿਰ ਜੋੜ ਕੇ ਬੈਠਣ ਦੀ ਅਪੀਲ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਅਕਤੂਬਰ
ਪੰਜਾਬੀ ਸੂਬੇ ਦੀ 57ਵੀਂ ਵਰ੍ਹੇਗੰਢ ਮਨਾਉਂਦਿਆਂ ਪੰਜਾਬ ਪ੍ਰੈਸ ਕਲੱਬ ਵੱਲੋਂ ਕਰਵਾਈ ਚਰਚਾ ਵਿੱਚ ਬੁਲਾਰਿਆਂ ਨੇ ਸੂਬੇ ਦੇ ਭਖਦੇ ਮਸਲਿਆਂ ’ਤੇ ਚਰਚਾ ਕੀਤੀ। ਬੁਲਾਰਿਆਂ ਨੇ ਇੱਕਸੁਰ ਹੁੰਦਿਆਂ ਕਿਹਾ ਕਿ ਕਰਜ਼ੇ ਕਾਰਨ ਵਾਲ-ਵਾਲ ਕਰਜ਼ਾਈ ਹੋ ਚੁੱਕੇ ਪੰਜਾਬ ਲਈ ਸਿਰ ਜੋੜ ਕੇ ਬੈਠਣ ਦਾ ਵੇਲਾ ਹੈ। ਬੁਲਾਰਿਆਂ ਨੇ ਪੰਜਾਬ ਵਿੱਚੋਂ ਤੇਜ਼ੀ ਨਾਲ ਹੋ ਰਹੇ ਪਰਵਾਸ ’ਤੇ ਫ਼ਿਕਰਮੰਦੀ ਜ਼ਾਹਰ ਕੀਤੀ। ‘ਪੰਜਾਬ ਸਮੱਸਿਆਵਾਂ ਤੇ ਸੰਭਾਵਨਾਵਾਂ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਮੰਚ ਸੰਚਾਲਨ ਕਰਦਿਆਂ ਸੀਨੀਅਰ ਪੱਤਰਕਾਰ ਤੇ ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਭਖਦੇ ਮਸਲਿਆਂ ਨੂੰ ਮੁਖਾਤਬਿ ਹੁੰਦਿਆਂ ਕਿਹਾ ਕਿ ਅੱਜ ਪੰਜਾਬ ਬੇਹੱਦ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ।
ਡਾ. ਬਿਕਰਮ ਸਿੰਘ ਵਿਰਕ ਨੇ ਅੰਕੜਿਆਂ ਦੇ ਹਵਾਲੇ ਨਾਲ ਦੱਸਿਆ ਕਿ ਕਿਵੇਂ ਸਾਲ 1997 ਤੋਂ ਬਾਅਦ ਆਈ ਅਕਾਲੀ-ਭਾਜਪਾ ਸਰਕਾਰ ਵੇਲੇ ਤੋਂ ਕਿਵੇਂ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਭਾਰੀ ਹੁੰਦੀ ਗਈ। ਅੱਜ ਇਹ ਕਰਜ਼ਾ 3 ਲੱਖ ਕਰੋੜ ਦੇ ਨੇੜੇ ਜਾ ਪੁੱਜਾ ਹੈ ਤੇ ਜੇਕਰ ਇਹ ਰੁਝਾਨ ਨਾ ਰੁਕਿਆ ਤਾਂ ਪੰਜਾਬ ਆਰਥਿਕ ਤੌਰ ’ਤੇ ਬੇਹੱਦ ਕਮਜ਼ੋਰ ਹੋ ਜਾਵੇਗਾ। ਸਾਬਕਾ ਆਈਏਐੱਸ ਅਧਿਕਾਰੀ ਕਾਹਨ ਸਿੰਘ ਪਨੂੰ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰਿਆਣੇ ’ਚ ਪਾਣੀ ਦੀ ਕਮੀ ਨੂੰ ਸ਼ਾਰਦਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਨਾਲ ਪੂਰਾ ਕੀਤਾ ਜਾ ਸਕਦਾ ਹੈ, ਜਿਸ ਨਾਲ ਐੱਸ. ਵਾਈ. ਐਲ. ਦਾ ਮਸਲਾ ਹਮੇਸ਼ਾ ਲਈ ਹੱਲ ਹੋ ਜਾਵੇਗਾ। ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਸ਼ੁਰੂ ਤੋਂ ਹੀ ਬੇਇਨਸਾਫੀ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਪ੍ਰਤੀਬੱਧਤਾ ਦੀ ਘਾਟ ਕਾਰਨ ਪੰਜਾਬ ਦੇ ਮਸਲੇ ਗੁੰਝਲਦਾਰ ਬਣ ਗਏ ਹਨ, ਜਿਨ੍ਹਾਂ ਦੇ ਹੱਲ ਲਈ ਪੰਜਾਬੀਆਂ ਨੂੰ ਸੁਚੇਤ ਤੌਰ ’ਤੇ ਹੰਭਲਾ ਮਾਰਨ ਦੀ ਲੋੜ ਹੈ। ਸ਼ਾਇਰ ਸੁਰਜੀਤ ਪਾਤਰ ਨੇ ਮਾਂ ਬੋਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਪੰਜਾਬੀ ਭਾਸ਼ਾ, ਸਾਹਤਿ ਤੇ ਸੱਭਿਆਚਾਰ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਡਾ. ਗੁਰਭਜਨ ਸਿੰਘ ਗਿੱਲ, ਸਾਬਕਾ ਨਿਊਜ਼ ਰੀਡਰ ਰਮਨ ਕੁਮਾਰ, ਪਰਮਵੀਰ ਸਿੰਘ ਬਾਠ, ਹਰਵਿੰਦਰ ਸਿੰਘ ਚੰਡੀਗੜ੍ਹ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।