ਭਗਤ ਪੂਰਨ ਸਿੰਘ ਦੀ ਸੋਚ ਨੂੰ ਅਪਣਾਉਣ ਦਾ ਸੱਦਾ
ਖੇਤਰੀ ਪ੍ਰਤੀਨਿਧ
ਸੰਗਰੂਰ, 2 ਅਪਰੈਲ
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੀ ਪਿੰਗਲਵਾੜਾ ਸ਼ਾਖਾ ਸੰਗਰੂਰ ਦੇ 24ਵੇਂ ਸਥਾਪਨਾ ਦਿਵਸ ਮੌਕੇ ਬੁਲਾਰਿਆਂ ਵੱਲੋਂ ਵਾਤਾਵਰਨ ਨੂੰ ਸੰਭਾਲਣ ਲਈ ਭਗਤ ਪੂਰਨ ਸਿੰਘ ਦੀ ਵਿਚਾਰਧਾਰਾ ਨੂੰ ਅਮਲ ਵਿੱਚ ਲਿਆਉਣ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਪਿੰਗਲਵਾੜਾ ਦੀ ਮੁੱਖ ਪ੍ਰਬੰਧਕ ਡਾ. ਬੀਬੀ ਇੰਦਰਜੀਤ ਕੌਰ ਦੀ ਅਗਵਾਈ ਅਤੇ ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਹੈੱਡ ਮਾਸਟਰ ਮੁਖਤਿਆਰ ਸਿੰਘ ਅਤੇ ਡਾ. ਇਕਬਾਲ ਸਿੰਘ ਸਕਰੌਦੀ, ਸੁਰਿੰਦਰਪਾਲ ਸਿੰਘ ਸਿਦਕੀ ਦੀ ਸਾਂਝੀ ਦੇਖ ਰੇਖ ਹੇਠ ਕਰਵਾਇਆ ਗਿਆ।
ਇਸ ਮੌਕੇ ਚਿੰਤਕ ਪਿਆਰੇ ਲਾਲ ਗਰਗ, ਚਿੰਤਕ ਹਮੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪ੍ਰੋ. ਗੁਰਨੈਬ ਸਿੰਘ ਅਤੇ ਡਾ. ਅਮਰਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਮਨੁੱਖੀ ਗੰਧਲੇਪਣ ਨਾਲ ਗਰਕ ਰਹੇ ਵਾਤਾਵਰਨ ਨੂੰ ਬਚਾਉਣ ਲਈ ਭਗਤ ਪੂਰਨ ਸਿੰਘ ਦੀ ਵਿਚਾਰਧਾਰਾ ਅਮਲ ਵਿੱਚ ਲਿਆਉਣਾ ਜ਼ਰੂਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਰੀਬ ਦੋ ਦਹਾਕੇ ਪਹਿਲਾਂ ਭਗਤ ਜੀ ਨੇ ਮਨੁੱਖ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਜਾਗਰੁਕ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬੀ ਗਾਇਕ ਪੰਮੀ ਬਾਈ ਨੇ ਪਿੰਗਲਵਾੜਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਸਰਾਹਿਆ। ਸਾਬਕਾ ਕੈਬਨਿਟ ਮੰਤਰੀਂ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸੰਗਰੂਰ ਸ਼ਾਖਾ ਵਿੱਚ ਮਰੀਜ਼ਾਂ ਦੀ ਸੇਵਾ ਸੰਭਾਲ ਦੇ ਸਿਹਤ ਦੇ ਕੀਤੇ ਜਾ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਡਾ. ਬੀਬੀ ਇੰਦਰਜੀਤ ਕੌਰ ਨੇ ਭਗਤ ਪੂਰਨ ਸਿੰਘ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਕਵੀ ਸੁਰਜੀਤ ਸਿੰਘ ਮੌਜੀ ਨੇ ਭਗਤ ਪੂਰਨ ਸਿੰਘ ਨੂੰ ਸਮਰਪਿਤ ਪੁਸਤਕ ਪ੍ਰਬੰਧਕਾਂ ਨੂੰ ਭੇਟ ਕੀਤੀ। ਪਿੰਗਲਵਾੜਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿਚ ਕਰੀਬ 83 ਖੂਨਦਾਨੀਆਂ ਵੱਲੋਂ ਖੂਨ ਦਾਨ ਕੀਤਾ ਗਿਆ।