ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਸੱਦਾ
ਪੱਤਰ ਪ੍ਰੇਰਕ
ਦੀਨਾਨਗਰ, 1 ਅਕਤੂਬਰ
ਸੀਪੀਆਈ (ਐੱਮ) ਦੀਨਾਨਗਰ ਦੀ ਤਹਿਸੀਲ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਮਾਇਆਧਾਰੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਗੱਲ ਆਖੀ।
ਪਾਰਟੀ ਦੇ ਸਕੱਤਰ ਧੀਰ ਸਿੰਘ ਸਿੱਧੂ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਨੇਹ ਸਰਿਤਾ ਜੋਸ਼ੀ ਅਤੇ ਮੁਰਾਰੀ ਲਾਲ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਭਗਤੀ, ਧਰਮ ਨਿਰਪੱਖਤਾ ਤੇ ਸਮਾਜਵਾਦੀ ਸੀ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਈ ਸਰਕਾਰਾਂ ਆਈਆਂ ਪਰ ਉਨ੍ਹਾਂ ਦੇ ਸੁਪਨਿਆਂ ਵਾਲਾ ਸਮਾਜ ਨਹੀਂ ਸਿਰਜਿਆ ਗਿਆ ਅਤੇ ਅੱਜ ਵੀ ਸਮਾਜ ਵਿੱਚ ਵੱਖ ਵੱਖ ਤਰ੍ਹਾਂ ਦੀ ਵਿਤਕਰੇਬਾਜ਼ੀ ਕਾਇਮ ਹੈ। ਸੀਨੀਅਰ ਆਗੂ ਮਾਇਆਧਾਰੀ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੱਖ ਵੱਖ ਆਗੂਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਮਹਾਨ ਸ਼ਹੀਦ ਨੂੰ ਨਮਨ ਕੀਤਾ ਗਿਆ।