For the best experience, open
https://m.punjabitribuneonline.com
on your mobile browser.
Advertisement

ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦ ਹੋਣ ਦਾ ਸੱਦਾ

07:51 AM May 06, 2024 IST
ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਮਜ਼ਦੂਰਾਂ ਨੂੰ ਜਥੇਬੰਦ ਹੋਣ ਦਾ ਸੱਦਾ
ਹੰਢਿਆਇਆ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।
Advertisement

ਕੁਲਦੀਪ ਸੂਦ
ਹੰਢਿਆਇਆ, 5 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਹੰਢਿਆਇਆ ਦੇ ਗੁਰਦੁਆਰਾ ਸਾਹਿਬ ਪੱਕਾ ਗੁਰੂਸਰ ਵਿੱਚ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਦੇ 13 ਜ਼ਿਲ੍ਹਿਆਂ ਤੋਂ ਲਗਪਗ 400 ਆਗੂਆਂ ਅਤੇ ਸਰਗਰਮ ਵਰਕਰਾਂ ਨੇ ਹਿੱਸਾ ਲਿਆ, ਜਿਸ ਮੌਕੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਜਥੇਬੰਦਕ ਤਾਕਤ ਨਾਲ ਹੀ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਿਕਲ ਸਕਦਾ ਹੈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਲੋਕ ਸਭਾ ਦੀਆਂ ਚੱਲ ਰਹੀਆਂ ਚੋਣਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਸਰੋਕਾਰਾਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਇਸ ਗੱਲ ’ਤੇ ਚਰਚਾ ਹੋਈ ਕਿ ਜੇਕਰ ਕਿਸਾਨ ਜਥੇਬੰਦੀਆਂ ਚੋਣਾਂ ਵਿੱਚ ਭਾਗ ਲੈ ਕੇ ਆਪਣੀ ਸਰਕਾਰ ਬਣਾ ਲੈਣ ਤਾਂ ਕੀ ਕਿਸਾਨੀ ਦੇ ਮਸਲੇ ਹੱਲ ਹੋ ਸਕਦੇ ਹਨ? ਭਦੌੜ ਨੇ ਕਿਹਾ ਕਿ ਇਸ ਰਾਜ ਪ੍ਰਬੰਧ ਉੱਪਰ ਸਰਮਾਏਦਾਰੀ ਕਾਬਜ਼ ਹੈ। ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੇ 1991 ਤੋਂ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਾਗੂ ਕਾਰਪੋਰੇਟ ਪੱਖੀ ਨੀਤੀਆਂ ਨੂੰ ਹੀ ਵਧੇਰੇ ਜ਼ੋਰ ਨਾਲ ਲਾਗੂ ਕੀਤਾ ਹੈ। ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਤੇ ਔਰਤ ਵਿੰਗ ਦੀ ਸੂਬਾ ਆਗੂ ਅੰਮ੍ਰਿਤਪਾਲ ਕੌਰ ਹਰੀ ਨੌਂ ਨੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਦਾ ਜ਼ਬਰਦਸਤ ਵਿਰੋਧ ਸ਼ਾਂਤਮਈ ਢੰਗ ਨਾਲ ਹੋ ਰਿਹਾ ਹੈ ਤੇ ਕਿਹਾ ਕਿ ਇਹ ਵਿਰੋਧ ਜਾਰੀ ਰਹੇਗਾ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 21 ਮਈ ਨੂੰ ਜਗਰਾਉਂ ’ਚ ਕੀਤੀ ਜਾ ਰਹੀ ਮਹਾਰੈਲੀ ਦੀ ਸਫ਼ਲਤਾ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇਗਾ।

Advertisement

ਬੀਕੇਯੂ ਉਗਰਾਹਾਂ ਵੱਲੋਂ ਜਨਤਕ ਜਥੇਬੰਦੀਆਂ ਨਾਲ ਮੀਟਿੰਗ ਅੱਜ

ਬਰਨਾਲਾ (ਖੇਤਰੀ ਪ੍ਰਤੀਨਿਧ): ਮੌਜੂਦਾ ਲੋਕ ਸਭਾ ਚੋਣਾਂ ਨੂੰ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਦੇ ਅਸਲੀ ਮੁੱਦੇ ਰੋਲਣ ਵਾਲਾ ਹਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਨੇ ਇਸ ਮੌਕੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਬੁਲਾਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ, ਖੇਤ ਮਜ਼ਦੂਰ, ਵਿਦਿਆਰਥੀ, ਠੇਕਾ-ਕਾਮੇ, ਸਨਅਤੀ ਕਾਮੇ, ਅਧਿਆਪਕ ਅਤੇ ਬਿਜਲੀ ਮੁਲਾਜ਼ਮ ਆਦਿ ਵਰਗਾਂ ਨਾਲ ਸਬੰਧਤ ਕਰੀਬ ਦੋ ਦਰਜਨ ਜਥੇਬੰਦੀਆਂ ਸ਼ਿਰਕਤ ਕਰਨਗੀਆਂ।

Advertisement
Author Image

Advertisement
Advertisement
×