ਮਨੁੱਖੀ ਸੇਵਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ
ਕੁਲਦੀਪ ਸਿੰਘ
ਨਵੀਂ ਦਿੱਲੀ, 7 ਨਵੰਬਰ
ਭਾਈ ਘਨ੍ਹੱਈਆ ਜੀ ਮਿਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਅਤੇ ਭਾਈ ਘਨ੍ਹੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਹਰਜੀਤ ਸਿੰਘ ਨੰਗਲ ਨੂੰ ਵਿਰਾਸਤ ਸਿੱਖਇਜ਼ਮ ਟਰੱਸਟ ਨਵੀਂ ਦਿੱਲੀ ਦੇ ਚੇਅਰਮੈਨ ਰਜਿੰਦਰ ਸਿੰਘ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਛੇਤੀ ਹੀ ਤਿੰਨੋਂ ਸੰਸਥਾਵਾਂ ਸਾਂਝੇ ਉਪਰਾਲੇ ਕਰਕੇ ਭਾਈ ਘਨ੍ਹੱਈਆ ਜੀ ਵੱਲੋਂ 17ਵੀਂ ਸਦੀ ਵਿੱਚ ਜੰਗੀ ਜ਼ਖਮੀਆਂ ਦੀ ਨਿਰਵੈਰ ਹੋ ਕੇ ਸ਼ੁਰੂ ਕੀਤੀਆਂ ਗਈਆਂ ਮਹਾਨ ਸੇਵਾਵਾਂ ਨੂੰ ਸੰਸਾਰ ਭਰ ਵਿੱਚ ਚਾਨਣ ਮੁਨਾਰੇ ਵਜੋਂ ਸਥਾਪਿਤ ਕਰਨ ਦਾ ਯਤਨ ਕਰਨ ਲਈ ਕੰਮ ਕਰਨਗੇ। ਰਾਜਿੰਦਰ ਨੇ ਅਗੇ ਕਿਹਾ ਕਿ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਭਾਈ ਘਨ੍ਹੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਵਿਸ਼ਵ ਵਿਆਪੀ ਬਣਾਉਣ ਲਈ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਵੇਗਾ। ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ, ਸਰਬ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਵਿਸ਼ਵ ਸ਼ਾਂਤੀ ਦੇ ਮਾਰਗ ’ਤੇ ਚੱਲਦਿਆਂ ਮਾਨਵਤਾ ਦੀ ਸੇਵਾ ਲਈ ਕਾਰਜ ਕੀਤੇ ਜਾ ਸਕਣ। ਹਰਜੀਤ ਸਿੰਘ ਨੰਗਲ ਨੇ ਵਿਰਾਸਤ ਸਿੱਖਇਜ਼ਮ ਟਰੱਸਟ ਵੱਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਭਾਈ ਘਨ੍ਹੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਲਈ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਪ੍ਰਿੰਸੀਪਲ ਰਚਨਾ ਕੌਰ, ਮਜਿੰਦਰ ਕੌਰ, ਸਮਾਜ ਸੇਵੀ ਡਾਕਟਰ ਹਰਜਿੰਦਰ ਸਿੰਘ ਓਬਰਾਏ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।