ਭਾਜਪਾ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜਨਵਰੀ
ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਪਾਰਟੀ ਇਕਾਈ ਦੇ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ, ਹਲਕਾ ਇੰਚਾਰਜ ਸੁੰਦਰ ਸ਼ਾਮ ਅਰੋੜਾ ਅਤੇ ਸਹਿ ਇੰਚਾਰਜ ਜਤਿੰਦਰ ਬਜਾਜ ਹਾਜ਼ਰ ਹੋਏ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋ ਰਹੇ ਸਮਾਗਮ ਅਤੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੁੰਦਰ ਸ਼ਾਮ ਅਰੋੜਾ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ ਦਿੱਤਾ।
ਰਜਨੀਸ਼ ਧੀਮਾਨ ਨੇ ਕਿਹਾ ਕਿ ਸ੍ਰੀ ਰਾਮ ਲੱਲਾ ਮੂਰਤੀ ਸਥਾਪਨਾ ਸਬੰਧੀ ਸਮਾਗਮ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 22 ਜਨਵਰੀ ਨੂੰ ਵੱਖ-ਵੱਖ ਥਾਵਾਂ ’ਤੇ ਵੱਡੀਆਂ ਸਕਰੀਨਾਂ ਲਾ ਕੇ ਸਮਾਗਮ ਦਾ ਸਿੱਧਾ ਪ੍ਰਸਾਰਨ ਦਿਖਾਇਆ ਜਾਵੇਗਾ। ਪਰਮਿੰਦਰ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਵੀ ਭਾਜਪਾ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਦੇਸ਼ ਦੇ ਲੋਕਾਂ ਨੂੰ ਪਤਾ ਚੱਲ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਦੇਸ਼ ਨੂੰ ਤਰੱਕੀ ਵੱਲ ਲਿਜਾਣਾ ਹੈ ਤਾਂ ਭਾਜਪਾ ਨੂੰ ਵਾਪਸ ਲਿਆਉਣਾ ਪਵੇਗਾ। ਅੱਜ ਦੇਸ਼ ਦੇ ਲੋਕ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਉਤਸੁਕ ਹਨ।
ਇਸ ਮੌਕੇ ਕੰਤੇਂਦੂ ਸ਼ਰਮਾ, ਡਾ. ਕਨਿਕਾ ਜਿੰਦਲ, ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਡਾ. ਨਿਰਮਲ ਨਈਅਰ, ਪੰਕਜ ਜੈਨ, ਨਵਲ ਜੈਨ ਅਤੇ ਧਰਮਿੰਦਰ ਸ਼ਰਮਾ ਆਦਿ ਹਾਜ਼ਰ ਸਨ।