ਔਰਤਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਵਿੱਢਣ ਦਾ ਸੱਦਾ
ਪੱਤਰ ਪ੍ਰੇਰਕ
ਜੈਤੋ, 8 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇੱਥੇ ਯੂਨੀਵਰਸਿਟੀ ਕਾਲਜ ਵਿੱਚ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਮੌਜੂਦਾ ਦੌਰ ਦੀ ਨਾਰੀ ਵਿਸ਼ੇ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ 23 ਮਾਰਚ ਨੂੰ ਸ਼ਹੀਦੀ ਦਿਵਸ ਮੌਕੇ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਣ ਵਾਲੀ ‘ਵਿਦਿਆਰਥੀ ਕਾਨਫਰੰਸ’ ਵਿੱਚ ਸ਼ਮੂਲੀਅਤ ਲਈ ਵਿਦਿਆਰਥੀਆਂ ਨੂੰ ਸੱਦਾ ਦਿੱਤਾ। ਯੂਨੀਅਨ ਦੀ ਜ਼ਿਲ੍ਹਾ ਆਗੂ ਹਰਵੀਰ ਕੌਰ ਨੇ ਸਮਾਜ ਵਿੱਚ ਔਰਤਾਂ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੋਂ ਬਿਨਾ ਔਰਤ ਦੀ ਹਾਲਤ ’ਚ ਸੁਧਾਰ ਦੀ ਉਮੀਦ ਕਰਨਾ ਬਿਲਕੁਲ ਗ਼ਲਤ ਹੈ।
ਮਾਨਸਾ (ਪੱਤਰ ਪ੍ਰੇਰਕ): ਕੁੱਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਨੇੜਲੇ ਪਿੰਡ ਖਿਆਲਾ ਕਲਾਂ ਵਿੱਚ ਮਹਿਲਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਏਪਵਾ ਦੀ ਕੌਮੀ ਕਾਰਜਕਾਰੀ ਕਮੇਟੀ ਦੀ ਮੈਂਬਰ ਕਾਮਰੇਡ ਜਸਬੀਰ ਕੌਰ ਨੱਤ ਨੇ ਮੋਦੀ ਸਰਕਾਰ ਨੂੰ ਔਰਤ ਵਿਰੋਧੀ ਸਰਕਾਰ ਕਰਾਰ ਦਿੱਤਾ।
ਟੱਲੇਵਾਲ (ਪੱਤਰ ਪ੍ਰੇਰਕ): ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਟੱਲੇਵਾਲ ’ਚ ਮਹਿਲਾ ਦਿਵਸ ਮਨਾਇਆ ਗਿਆ। ਮੋਰਚਾ ਦੇ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ ਅਤੇ ਬੀਬੀ ਰਾਜ ਕੌਰ ਨੇ ਕਿਹਾ ਭਾਵੇਂ ਜਦੋਜਹਿਦ ਕਰਕੇ ਔਰਤਾਂ ਨੇ ਸੰਵਿਧਾਨਕ ਤੌਰ ’ਤੇ ਕੁੱਝ ਕੁ ਹੱਕ ਪ੍ਰਾਪਤ ਕਰ ਲਏ ਹਨ ਪਰ ਹਾਲੇ ਹੱਕਾਂ ਨੂੰ ਅਮਲ ਵਿੱਚ ਲਿਆਉਣਾ ਬਾਕੀ ਹੈ। ਇਸ ਮੌਕੇ ਗੁਰਮੇਲ ਕੌਰ, ਮਨਜੀਤ ਕੌਰ, ਬਲਜਿੰਦਰ ਕੌਰ, ਚਰਨਜੀਤ ਕੌਰ, ਲੱਛੋ, ਰਾਜਵਿੰਦਰ ਕੌਰ, ਜਸਪਾਲ ਕੌਰ, ਮਾਈ ਨਿੱਕੀ, ਮੀਰਾ, ਹਰਦੀਪ ਕੌਰ, ਕੁਲਦੀਪ ਸਿੰਘ ਖਾਲਸਾ, ਰੂੜ ਸਿੰਘ, ਹਾਕਮ ਸਿੰਘ ਹਾਜ਼ਰ ਸਨ।
ਲੰਬੀ (ਪੱਤਰ ਪ੍ਰੇਰਕ): ਦਸਮੇਸ਼ ਗਰਲਜ਼ ਸਿੱਖਿਆ ਕਾਲਜ, ਬਾਦਲ ਅਤੇ ਕੇਂਦਰੀ ਯੂਨੀਵਰਸਿਟੀ ਘੁੱਦਾ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਦਸਮੇਸ਼ ਗਰਲਜ ਸਿੱਖਿਆ ਕਾਲਜ ਵਿੱਚ ‘ਅੱਧੀ ਆਬਾਦੀ ਦੇ ਸ਼ਕਤੀਕਰਨ ਵਿਚ ਡਾ. ਅੰਬੇਡਕਰ ਦਾ ਯੋਗਦਾਨ’ ਵਿਸ਼ੇ ’ਤੇ ਵਿਚਾਰ ਗੋਸ਼ਠੀ ਕਰਵਾਈ ਗਈ।
ਬਾਘਾ ਪੁਰਾਣਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਵਲੋਂ ਔਰਤ ਵਿੰਗ ਦੀ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖੁਰਦ ਦੀ ਅਗਵਾਈ ਹੇਠ ਪਿੰਡ ਰਾਜਿਆਣਾ ਵਿੱਚ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਹਰਦੀਪ ਕੌਰ ਕੋਟਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਸ਼ਹਿਣਾ (ਪੱਤਰ ਪ੍ਰੇਰਕ): ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿੱਚ ਮਹਿਲਾ ਦਿਵਸ ਮਨਾਇਆ ਗਿਆ। ਡਾਇਰੈਕਟਰ ਪਵਨ ਕੁਮਾਰ ਧੀਰ, ਸੁਨੀਤਾ ਰਾਜ ਨੇ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ ’ਚ ਹੁਣ ਪਿੱਛੇ ਨਹੀ ਰਹੀਆਂ।
ਸਿੱਖਿਆ ਅਧਿਕਾਰੀ ਵੱਲੋਂ ਮਹਿਲਾ ਅਧਿਆਪਕਾਂ ਦਾ ਸਨਮਾਨ
ਸਮਾਲਸਰ (ਪੱਤਰ ਪ੍ਰੇਰਕ): ਵਿਸ਼ਵ ਨਾਰੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ (ਮੋਗਾ) ਵਿੱਚ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਮਹਿਲਾ ਅਧਿਆਪਕਾਂ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਚਲਾਈ ਗਈ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਅੰਤ ਵਿੱਚ ਗੁਰਦਿਆਲ ਸਿੰਘ ਅਤੇ ਮਹਿਲਾ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
ਪੱਕੇ ਮੋਰਚੇ ’ਤੇ ਮਹਿਲਾ ਦਿਵਸ ਮਨਾਇਆ
ਮਾਨਸਾ (ਪੱਤਰ ਪ੍ਰੇਰਕ): ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬੁਢਲਾਡਾ ਵਿੱਚ ਡੀਐੱਸਪੀ ਦਫ਼ਤਰ ਸਾਹਮਣੇ ਵਿਵਾਦਤ ਜ਼ਮੀਨ ਮਾਮਲੇ ਨੂੰ ਲੈ ਕੇ ਲਗਪਗ ਦੋ ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚੇ ਵਿੱਚ ਮਹਿਲਾ ਦਿਵਸ ਮਨਾਇਆ ਗਿਆ। ਜਥੇਬੰਦੀ ਦੀ ਸੂਬਾ ਆਗੂ ਪਰਮਜੀਤ ਕੌਰ ਨੇ ਕਿਹਾ ਕਿ ਰੂੜੀਵਾਦੀ ਸੋਚ ਕਾਰਨ ਔਰਤ ਸਦੀਆਂ ਤੋਂ ਗੁਲਾਮੀ ਦੀਆਂ ਜ਼ੰਜੀਰਾਂ ਵਿੱਚ ਜਕੜੀ ਰਹੀ ਹੈ, ਜਿਸ ਨੂੰ ਸਮੇਂ ਦੇ ਹਾਕਮਾਂ ਨੇ ਪੈਰ ਦੀ ਜੁੱਤੀ ਵਰਗੇ ਘਟੀਆ ਸ਼ਬਦ ਵਰਤੇ ਹਨ ਪਰ ਹੁਣ ਔਰਤਾਂ ਆਪਣੇ ਹੱਕਾਂ ਸਬੰਧੀ ਜਾਗਰੂਕ ਹੋ ਰਹੀਆਂ ਹਨ।
ਮਹਿਲਾ ਦਿਵਸ ਦੀ ਵਧਾਈ ਦਿੱਤੀ
ਚਾਉਕੇ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਬੱਲ੍ਹੋ ਦੀ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਨੇ ਅੱਜ ਕੌਮਾਂਤਰੀ ਮਹਿਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਦੌਰਾਨ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀਆ ਵਧਾਈਆਂ ਦਿੱਤੀਆਂ। ਇਸ ਮੌਕੇ ਸੰਸਥਾ ਵੱਲੋਂ ਪਿੰਡ ਦੀਆ ਧੀਆਂ ਗਗਨਦੀਪ ਕੌਰ, ਸੰਦੀਪ ਕੌਰ ਅਤੇ ਹਰਪ੍ਰੀਤ ਕੌਰ ਦਾ ਸਨਮਾਨ ਕੀਤਾ। ਇਸ ਮੌਕੇ ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਗੁਲਾਬ ਸਿੰਘ, ਭੁਪਿੰਦਰ ਸਿੰਘ ਜਟਾਣਾ, ਕੇਵਲ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ ਅਤੇ ਨਸੀਬ ਕੌਰ ਹਾਜ਼ਰ ਸਨ। ਇਸੇ ਤਰ੍ਹਾਂ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਵਿੱਚ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਸਿੱਧੂ ਨੇ ਸੰਬੋਧਨ ਕੀਤਾ।