ਲੁਟੇਰਿਆਂ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਅਲਟੀਮੇਟਮ
ਪੱਤਰ ਪ੍ਰੇਰਕ
ਰੂੜੇਕੇ ਕਲਾਂ, 14 ਸਤੰਬਰ
ਪਿੰਡ ਪੱਖੋ ਕਲਾਂ ਵਿੱਚ ਕਿਸਾਨ ਜਥੇਬੰਦੀਆਂ, ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਇੱਕ ਭਰਵਾਂ ਇਕੱਠ ਕਰਕੇ ਪਿੰਡ ਅਤੇ ਇਲਾਕੇ ਵਿੱਚ ਹੋ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਤੋਂ ਤੰਗ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਲਟੀਮੇਟਮ ਦੇ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਕਿਯੂ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਜੱਗਾ, ਕਾਦੀਆਂ ਦੇ ਬਲਜੀਤ ਸਿੰਘ, ਨਛੱਤਰ ਸਿੰਘ ਸਮਰਾ, ਸਾਬਕਾ ਸਰਪੰਚ ਦਰਸ਼ਨ ਪਾਲ ਸਿੰਘ, ਪ੍ਰੋ. ਨਿਰਮਲ ਸਿੰਘ, ਕਾਮਰੇਡ ਜੀਤ ਸਿੰਘ ਤੇ ਡਾ. ਸੁਖਮਿੰਦਰ ਸਿੰਘ ਬੁਲਾਰਿਆਂ ਨੇ ਕਿਹਾ ਕਿ ਇਲਾਕੇ ਵਿੱਚ ਦਿਨ-ਦਿਹਾੜੇ ਲੁੱਟਾਂ ਖੋਹਾਂ ਤੇ ਚੋਰੀਆਂ ਹੋ ਰਹੀਆਂ. ਪਰ ਪ੍ਰਸ਼ਾਸਨ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਵਿੱਚ ਅਸਫ਼ਲ ਹੈ ਜਿਸ ਕਰਕੇ ਇਲਾਕੇ ਵਿੱਚ ਭੈਅ ਦਾ ਮਾਹੌਲ ਬਣਿਆ ਹੋਇਆ ਹੈ। ਇਕੱਤਰ ਹੋਏ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ 23 ਸਤੰਬਰ ਤੱਕ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਪ੍ਰਸ਼ਾਸਨ ਖ਼ਿਲਾਫ਼ ਮਾਰਚ ਕੱਢਿਆ ਜਾਵੇਗਾ ਅਤੇ ਥਾਣੇ ਅੱਗੇ ਧਰਨਾ ਵੀ ਲਗਾਇਆ ਜਾਵੇਗਾ। ਇਸ ਮੌਕੇ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਜਿਸ ਵੱਲੋਂ ਪੰਜ ਮਤੇ ਪਾਸ ਕਰ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਸ਼ਹਿ ਦੇਣ ਵਾਲੇ ਸਿਆਸੀ ਅਤੇ ਮੋਹਤਬਰ ਅਤੇ ਨੰਬਰਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਕੋਈ ਵਿਅਕਤੀ ਸਮਾਜ ਵਿਰੋਧੀ ਅਨਸਰਾਂ ਦੀ ਥਾਣੇ ਵਿੱਚ ਹਮਾਇਤ ਕਰੇਗਾ ਜਾਂ ਜ਼ਮਾਨਤ ਲਵੇਗਾ ਤਾਂ ਉਸ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਗੁਰਤੇਜ ਸਿੰਘ ਸਰਾਂ, ਬੂਟਾ ਸਿੰਘ ਪ੍ਰਧਾਨ ਬੀਕੇਯੂ ਡਕੌਂਦਾ ਤੋਂ ਇਲਾਵਾ ਹੋਰ ਵੀ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।