ਆਂਗਣਵਾੜੀ ਮੁਲਾਜ਼ਮਾਂ ਨੇ ਡਾਇਰੈਕਟਰ ਦਫ਼ਤਰ ਘੇਰਿਆ
ਪੱਤਰ ਪ੍ਰੇਰਕ
ਚੰਡੀਗੜ੍ਹ, 3 ਸਤੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਇੱਥੇ ਸੈਕਟਰ 34 ਚੰਡੀਗੜ੍ਹ ਸਥਿਤ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੁਲਾਜ਼ਮਾਂ ਤੇ ਵਰਕਰਾਂ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਆ ਰਹੇ ਗ਼ੈਰਮਿਆਰੀ ਰਾਸ਼ਨ ਦੇ ਮੁੱਦੇ ਅਤੇ ਹੋਰਨਾਂ ਮੰਗਾਂ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਪ੍ਰਾਈਵੇਟ ਕੰਪਨੀਆਂ ਰਾਹੀਂ ਭੇਜਿਆ ਜਾਣ ਵਾਲਾ ਰਾਸ਼ਨ ਬੰਦ ਕਰਕੇ ਸਰਕਾਰੀ ਅਦਾਰੇ ‘ਵੇਰਕਾ’ ਰਾਹੀਂ ਭੇਜਿਆ ਜਾਵੇ। ਸੈਂਟਰਾਂ ਵਿੱਚੋਂ 2017 ਤੋਂ ਖੋਹੇ ਗਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ, ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣ, ਮਾਣ ਭੱਤਾ ਦੁੱਗਣਾ ਕੀਤਾ ਜਾਵੇ ਅਤੇ ਹਰ ਮਹੀਨੇ ਸਮੇਂ ਸਿਰ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ।
ਡਾਇਰੈਕਟਰ ਨੇ ਆਗੂਆਂ ਨਾਲ ਮੀਟਿੰਗ ਕੀਤੀ
ਧਰਨੇ ਦੌਰਾਨ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨੇ ਪ੍ਰਧਾਨ ਹਰਗੋਬਿੰਦ ਕੌਰ ਅਤੇ ਹੋਰ ਆਗੂਆਂ ਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਮੀਟਿੰਗ ਕੀਤੀ। ਉਨ੍ਹਾਂ ਨੇ ਕੁਝ ਭਰੋਸਾ ਦਿਵਾਇਆ ਅਤੇ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ। ਇਸੇ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਜੇ 8 ਦਿਨਾਂ ਵਿੱਚ ਰਿਪੋਰਟ ਨਾ ਆਈ ਤਾਂ ਉਹ ਮੁੜ ਡਾਇਰੈਕਟਰ ਦੇ ਦਫ਼ਤਰ ਅੱਗੇ ਧਰਨਾ ਦੇਣਗੀਆਂ।