ਬਾਲ ਅਧਿਕਾਰ ਦਿਵਸ ਮੌਕੇ ਮੁੱਖ ਮੰਤਰੀ ਤੋਂ ਜਵਾਬ ਮੰਗਣਗੇ ਆਂਗਣਵਾੜੀ ਮੁਲਾਜ਼ਮ
ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਨਵੰਬਰ
ਆਂਗਣਵਾੜੀ ਮੁਲਾਜ਼ਮ ਪੰਜਾਬ ਸੀਟੂ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਭਰਵੀਂ ਮੀਟਿੰਗ ਸਥਾਨਕ ਚਤਰ ਸਿੰਘ ਪਾਰਕ ਵਿੱਚ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਜੁੜੇ ਹੋਰ ਮਸਲਿਆਂ ’ਤੇ ਵਿਚਾਰਾਂ ਹੋਈਆਂ ਅਤੇ ਫ਼ੈਸਲਾ ਕੀਤਾ ਗਿਆ ਕਿ 14 ਨਵੰਬਰ ਨੂੰ ਬਾਲ ਦਿਵਸ ਮੌਕੇ ਮੁੱਖ ਮੰਤਰੀ ਤੋਂ ਬਾਲ ਅਧਿਕਾਰ ਕੇਂਦਰਾਂ ਸਬੰਧੀ ਜਵਾਬ ਮੰਗਿਆ ਜਾਵੇਗਾ।
ਆਂਗਣਵਾੜੀ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਭਾਸ਼ ਰਾਣੀ ਨੇ ਕਿਹਾ ਕਿ 22 ਸਤੰਬਰ, 2017 ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਦਾ ਫੈਸਲਾ ਲੈ ਕੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਕੂਲਾਂ ਨਾਲ ਜੋੜ ਦਿੱਤਾ ਹੈ ਜਿਸ ਕਰਕੇ ਆਈਸੀਡੀਐਸ ਤਹਿਤ ਦਿੱਤੀਆਂ ਜਾਂਦੀਆਂ ਬਾਲ ਸਿਹਤ ਅਤੇ ਨਿਊਟਰੇਸ਼ਨ ਵਰਗੀਆਂ ਮਹੱਤਵਪੂਰਨ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਸਕੀਮ ਨੂੰ ਅਣਗੌਲਿਆਂ ਕਰਨ ਲਈ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਜਾਵੇਗਾ। ਜ਼ਿਲ੍ਹਾ ਜਨਰਲ ਸਕੱਤਰ ਭਿੰਦਰ ਕੌਰ, ਵਿੱਤ ਸਕੱਤਰ ਸੁਰਜੀਤ ਕੌਰ ਨੇ ਕਿਹਾ ਕਿ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਘੇਰਾਓ ਕਰਕੇ ਮੰਗ ਕੀਤੀ ਜਾਵੇਗੀ ਕਿ ਅਦਾਲਤਾਂ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਰਜਾ ਤਿੰਨ ਅਤੇ ਦਰਜਾ ਚਾਰ ਦਿੰਦਿਆਂ ਪੱਕੇ ਮੁਲਾਜ਼ਮ ਮੰਨੇ। ਇਸੇ ਤਰ੍ਹਾਂ ਆਈਸੀਡੀਐੱਸ ਦੇ ਬਜਟ ਦੀ ਕਟੌਤੀ ਨੂੰ ਰੋਕਦੇ ਹੋਏ ਬਜਟ ਵਿੱਚ ਵਾਧਾ ਕਰਕੇ ਇਸ ਸਕੀਮ ਨੂੰ ਮਜ਼ਬੂਤ ਬਣਾਉਣ ਦੀ ਮੰਗ ਵੀ ਕੀਤੀ ਜਾਵੇਗੀ। ਆਂਗਣਵਾੜੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਨੇ 2018 ਤੋਂ ਬਾਅਦ ਸਕੀਮ ਦੇ ਬਜਟ ਦਾ ਇੱਕ ਪੈਸਾ ਵੀ ਨਹੀਂ ਵਧਾਇਆ ਗਿਆ। ਇਨ੍ਹਾਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਬਿੱਟੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਮੌਕੇ ਆਸ਼ਾ ਰਾਣੀ, ਮਨਜੀਤ ਕੌਰ, ਚਰਨਜੀਤ ਕੌਰ, ਵਰਿੰਦਰ ਸ਼ਰਮਾ, ਰਜਨੀ ਬਾਲਾ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ ਅਤੇ ਚਰਨਜੀਤ ਕੌਰ ਨੇ ਸੰਬੋਧਨ ਕੀਤਾ।