ਆਂਗਣਵਾੜੀ ਬੀਬੀਆਂ ਨੇ ਗੈਰ-ਮਿਆਰੀ ਸਰਕਾਰੀ ਰਾਸ਼ਨ ’ਤੇ ਉਂਗਲ ਚੁੱਕੀ
ਸ਼ਗਨ ਕਟਾਰੀਆ
ਬਠਿੰਡਾ, 25 ਜੁਲਾਈ
ਹਰਗੋਬਿੰਦ ਕੌਰ ਦੀ ਅਗਵਾਈ ਵਾਲੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਂਗਣਵਾੜੀ ਸੈਂਟਰਾਂ ’ਚ ਪੰਜਾਬ ਸਰਕਾਰ ਵੱਲੋਂ ਕੰਪਨੀਆਂ ਰਾਹੀਂ ਭੇਜੇ ਜਾ ਰਹੇ ਰਾਸ਼ਨ ’ਤੇ ‘ਨਾ-ਪਸੰਦਗੀ’ ਦੀ ਮੋਹਰ ਲਾ ਕੇ ਵਿਰੋਧ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਦੀਆਂ ਵਰਕਰਾਂ ਵੱਲੋਂ ਅੱਜ ਕੇਂਦਰੀ ਮੰਤਰੀ ਅੰਨ ਪੂਰਨਾ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਨੂੰ ਮੰਗ ਪੱਤਰ ਦਿੱਤਾ ਗਿਆ।
ਯੂਨੀਅਨ ਦੀ ਜ਼ਿਲ੍ਹਾ ਆਗੂ ਗੁਰਮੀਤ ਕੌਰ ਨੇ ਦੱਸਿਆ ਕਿ ਇਹ ਮੰਗ ਪੱਤਰ ਆਂਗਣਵਾੜੀ ਸੈਂਟਰਾਂ ਵਿੱਚ ਪ੍ਰਾਈਵੇਟ ਕੰਪਨੀਆਂ ਰਾਹੀਂ ਲਾਭਪਾਤਰੀਆਂ ਲਈ ਭੇਜੇ ਜਾ ਰਹੇ ਘਟੀਆ ਕੁਆਲਿਟੀ ਦੇ ਰਾਸ਼ਨ ਦੇ ਸਬੰਧ ਵਿੱਚ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਕੰਪਨੀਆਂ ਕਥਿਤ ਮਾੜਾ ਰਾਸ਼ਨ ਸਪਲਾਈ ਕਰ ਰਹੀਆਂ ਹਨ, ਜਿਸ ਤੋਂ ਤਿਆਰ ਕੀਤਾ ਭੋਜਨ ਖਾਣ ਵਾਲਿਆਂ ਦੇ ਬਿਮਾਰ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੇ ਅਜਿਹਾ ਰਾਸ਼ਨ ਲੈਣ ਤੋਂ ਆਂਗਣਵਾੜੀ ਵਰਕਰਾਂ ਨੂੰ ਕੋਰਾ ਜਵਾਬ ਦੇ ਦਿੱਤਾ ਹੈ। ਆਗੂ ਨੇ ਦੋਸ਼ ਲਾਇਆ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਆਂਗਣਵਾੜੀ ਸੈਂਟਰਾਂ ਵਿੱਚ ਇਹ ਰਾਸ਼ਨ ਭੇਜਣਾ ਬੰਦ ਨਹੀਂ ਕੀਤਾ ਗਿਆ। ਯੂਨੀਅਨ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਕਿਉਂ ਕਿ ਰਾਸ਼ਨ ਵਿੱਚ ਵੱਡੀ ਪੱਧਰ ’ਤੇ ਘਪਲਾ ਹੋ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਅੰਨ ਪੂਰਨਾ ਦੇਵੀ ਦੇ ਨਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਜਾਣਕਾਰੀ ਯੂਨੀਅਨ ਦੀ ਜ਼ਿਲਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ ਇਹ ਮੰਗ ਪੱਤਰ ਆਂਗਣਵਾੜੀ ਸੈਂਟਰਾਂ ਵਿੱਚ ਪ੍ਰਾਈਵੇਟ ਕੰਪਨੀਆਂ ਰਾਹੀਂ ਲਾਭਪਾਤਰੀਆਂ ਲਈ ਭੇਜੇ ਜਾ ਰਹੇ ਘਟੀਆ ਕੁਆਲਿਟੀ ਰਾਸ਼ਨ ਦੇ ਸਬੰਧ ਵਿੱਚ ਦਿੱਤਾ ਗਿਆ ਹੈ।