For the best experience, open
https://m.punjabitribuneonline.com
on your mobile browser.
Advertisement

ਆਂਗਣਵਾੜੀ ਮੁਲਾਜ਼ਮਾਂ ਨੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

08:01 AM Jul 05, 2024 IST
ਆਂਗਣਵਾੜੀ ਮੁਲਾਜ਼ਮਾਂ ਨੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ
ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮ।
Advertisement

ਸਤਵਿੰਦਰ ਬਸਰਾ
ਲੁਧਿਆਣਾ, 4 ਜੁਲਾਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਜਿੱਥੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ, ਉੱਥੇ ਮੀਟਿੰਗ ਤੋਂ ਬਾਅਦ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾਈ ਜਾ ਰਹੀ। ਪੂਰੇ ਭਾਰਤ ਵਿੱਚ ਪ੍ਰੀ ਸਕੂਲ ਐਜੂਕੇਸ਼ਨ ਆਂਗਣਵਾੜੀ ਕੇਂਦਰਾਂ ਵਿੱਚ ਦਿੱਤੀ ਜਾਂਦੀ ਹੈ ਪਰ ਪੰਜਾਬ ਵਿੱਚ ਤਿੰਨ ਤੋਂ ਛੇ ਸਾਲ ਦੇ ਬੱਚੇ ਨਰਸਰੀ, ਐੱਲਕੇਜੀ ਦੇ ਨਾਂ ’ਤੇ ਸਕੂਲਾਂ ਵਿੱਚ ਬਿਠਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ- ਦੋ ਘੰਟੇ ਬੱਚੇ ਨੂੰ ਸਕੂਲ ਵਿੱਚ ਬਿਠਾਉਣ ਤੋਂ ਬਾਅਦ ਘਰ ਭੇਜਣ ਨਾਲ ਉਸ ਦਾ ਪੂਰਨ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀ ਭਰਤੀ ਪਿਛਲੇ ਤਿੰਨ ਸਾਲਾਂ ਤੋਂ ਵਿਚਾਲੇ ਹੀ ਲਟਕ ਰਹੀ ਹੈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਚੰਦਰ ਸ਼ੇਖਰ ਨੇ ਕਿਹਾ ਕਿ ਚਾਰ ਲੇਬਰ ਕੋਡ ਅਤੇ ਤਿੰਨ ਕ੍ਰਿਮੀਨਲ ਕਾਨੂੰਨਾਂ ਨੂੰ ਸੰਸਦ ਵਿੱਚ ਬਿਨਾਂ ਬਹਿਸ ਕੀਤੇ ਸਟੈਂਡਿੰਗ ਕਮੇਟੀ ’ਚ ਵਿਚਾਰੇ ਬਿਨਾਂ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਦੀ ਸੋਧ ਸਬੰਧੀ ਮੁੱਢ ਤੋਂ ਕੇਂਦਰ ਨੂੰ ਪੱਤਰ ਲਿਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧੱਕੇ ਨਾਲ ਥੋਪੇ ਕਾਨੂੰਨਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਵੀ ਪ੍ਰਗਟਾਇਆ ਗਿਆ। ਇਸ ਮੀਟਿੰਗ ਨੂੰ ਜਨਰਲ ਸਕੱਤਰ ਭਿੰਦਰ ਕੌਰ ਤੇ ਸੁਰਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਸੁਨੀਤਾ, ਪਰਮਜੀਤ ਕੌਰ, ਸੁਮਨ ਬਾਲਾ, ਮਨਜੀਤ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਪ੍ਰਮਿੰਦਰ ਕੌਰ, ਰਜਨੀ ਬਾਲਾ, ਕਮਲਾ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ ਤੇ ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

joginder kumar

View all posts

Advertisement