ਆਂਗਣਵਾੜੀ ਵਰਕਰਾਂ ਨੇ ਡੀਸੀ ਦਫ਼ਤਰ ’ਚ ਕੀਤੀ ਨਾਅਰੇਬਾਜ਼ੀ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦਾ ਮਰਨ ਵਰਤ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਮਰਨ ਵਰਤ ਕਾਰਨ ਉਸ ਦੀ ਸਿਹਤ ਵਿਗੜਨ ਲੱਗੀ ਹੈ। ਸਾਥੀ ਆਗੂਆਂ ਵੱਲੋਂ ਨਿੱਜੀ ਡਾਕਟਰਾਂ ਦੀ ਸਲਾਹ ਨਾਲ ਉਨ੍ਹਾਂ ਦੀ ਸੰਭਾਲ ਕੀਤੀ ਜਾ ਰਹੀ ਹੈ। ਹਰਗੋਬਿੰਦ ਕੌਰ ਆਪਣੀਆਂ ਸੇਵਾਵਾਂ ਦੀ ਬਹਾਲੀ ਅਤੇ ਯੂਨੀਅਨ ਦੀਆਂ ਲਟਕਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਜਿਸ ਕਰਕੇ ਆਗੂਆਂ ’ਚ ਰੋਸ ਪਾਇਆ ਜਾ ਰਿਹਾ ਹੈ। ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੀਆਂ ਆਗੂਆਂ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਗੁਰਮੀਤ ਕੌਰ ਗੋਨੇਆਣਾ ਦੀ ਅਗਵਾਈ ਹੇਠ ਪੁਲੀਸ ਨੂੰ ਝਕਾਨੀ ਦੇ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਦਾਖ਼ਲ ਹੋ ਗਈਆਂ ਅਤੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਯੂਨੀਅਨ ਦੀਆਂ ਆਗੂਆਂ ਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਮੀਟਿੰਗ ਕੀਤੀ ਪਰ ਗੱਲ ਕਿਸੇ ਸਿੱਟੇ ’ਤੇ ਨਹੀਂ ਪੁੱਜੀ। ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿਹਾ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ।