ਆਂਗਣਵਾੜੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਮਾਰਚ
ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਆਂਗਣਵਾੜੀ ਵਰਕਰਾਂ ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਅਤੇ ਬਰਾਬਰੀ ਦੀ ਲੜਾਈ ਨੂੰ ਜਾਰੀ ਰੱਖਣ ਦਾ ਸੰਕਲਪ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ’ਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲ ਦੌਰਾਨ ਮੁੱਖ ਮੰਤਰੀ ਨੇ ਇੱਕ ਵੀ ਮੀਟਿੰਗ ਨਹੀਂ ਕੀਤੀ ਅਤੇ ਲਗਾਤਾਰ ਚੁੱਪ ਵੱਟ ਰੱਖੀ ਹੈ।
ਉਨ੍ਹਾਂ ਮੰਗ ਕੀਤੀ ਕਿ ਔਰਤਾਂ ਲਈ ਸੁਰੱਖਿਆ ਕਾਨੂੰਨ ਯਕੀਨੀ ਬਣਾਇਆ ਜਾਵੇ, ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜਰਤ ਵਿਚ ਸ਼ਾਮਲ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਸਕੀਮ ਵਰਕਰਾਂ ਨੂੰ ਗਰੈਚੂਟੀ ਵਿਚ ਸ਼ਾਮਲ ਕੀਤਾ ਜਾਵੇ ਅਤੇ ‘ ਆਪ ’ ਸਰਕਾਰ ਦੇ ਮੈਨੀਫੈਸਟੋ ਦੀਆਂ ਗਾਰੰਟੀਆਂ ਨੂੰ ਯਕੀਨੀ ਬਣਾਉਂਦਿਆਂ ਅਮਲੀ ਰੂਪ ਦਿੱਤਾ ਜਾਵੈ। ਧਰਨੇ ਦੌਰਾਨ ਡਿਊਟੀ ਮੈਜਿਸਟ੍ਰੇਟ ਵਲੋਂ ਮੰਗ ਪੱਤਰ ਲਿਆ। ਧਰਨੇ ਨੂੰ ਤ੍ਰਿਸ਼ਨਜੀਤ ਕੌਰ, ਪ੍ਰਕਾਸ਼ ਅੰਨਦਾਨਾ, ਛੱਤਰਪਾਲ ਕੌਰ ਭਵਾਨੀਗੜ੍ਹ, ਹਰਪ੍ਰੀਤ ਕੌਰ ਸੁਨਾਮ, ਵਰਿੰਦਰ ਕੌਸ਼ਿਕ, ਗੁਰਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਜੋਕੀ ਦੀ ਅਗਵਾਈ ਹੇਠ ਮਹਿਲਾ ਦਿਵਸ ਮੌਕੇ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੇਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਚਾਰ ਦੇ ਪੁਲ ਵਜੋਂ ਕੰਮ ਕਰੇ ਅਤੇ ਕੇਂਦਰ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕਹੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਯੂਨੀਅਨ ਆਮ ਆਦਮੀ ਪਾਰਟੀ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਵਾਂਗ ਇੱਕ ਨੀਤੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ਵਿੱਚ ਦਾਖ਼ਲਾ ਯਕੀਨੀ ਬਣਾਇਆ ਜਾਵੇ ਅਤੇ ਨਰਸਰੀ ਤੇ ਐੱਲਕੇਜੀ ਨੂੰ ਆਂਗਣਵਾੜੀ ਕੇਂਦਰਾਂ ਨਾਲ ਜੋੜਿਆ ਜਾਵੇ।