ਮੁੱਖ ਮੰਤਰੀ ਵੱਲੋਂ ਮੀਟਿੰਗ ਮੁਲਤਵੀ ਕਰਨ ’ਤੇ ਮੁਲਾਜ਼ਮਾਂ ’ਚ ਰੋਹ
08:09 AM Aug 02, 2024 IST
ਪੱਤਰ ਪ੍ਰੇਰਕ
ਚੰਡੀਗੜ੍ਹ, 1 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਜ਼ਿਮਨੀ ਚੋਣ ਦੌਰਾਨ ਸਾਂਝੇ ਮੁਲਾਜ਼ਮ ਫਰੰਟ ਨਾਲ ਮੀਟਿੰਗ ਦਾ ਪੱਤਰ ਜਾਰੀ ਕਰਨ ਉਪਰੰਤ ਵੀ ਮੀਟਿੰਗ ਮੁਲਤਵੀ ਕਰਨ ’ਤੇ ਮੁਲਾਜ਼ਮ ਅਤੇ ਪੈਨਸ਼ਨਰ ਖਫਾ ਹੋ ਗਏ ਹਨ। ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਵਜੋਂ 5 ਅਤੇ 6 ਅਗਸਤ ਨੂੰ ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਅਤੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਅਗਸਤ ਨੂੰ ਅਗਲੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪਹਿਲਾਂ 25 ਜੁਲਾਈ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ। ਫਰੰਟ ਦੇ ਆਗੂਆਂ ਕਰਮ ਸਿੰਘ ਧਨੋਆ, ਸ਼ਿਵੰਦਰ ਪਾਲ ਸਿੰਘ ਮੋਲੋਵਾਲੀ, ਬਾਜ ਸਿੰਘ ਖਹਿਰਾ, ਐੱਨਕੇ ਕਲਸੀ ਅਤੇ ਦਿਗਵਿਜੈ ਪਾਲ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ 25 ਜੁਲਾਈ ਦੀ ਅਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ 22 ਅਗਸਤ ’ਤੇ ਪਾ ਦਿੱਤੀ ਗਈ ਹੈ।
Advertisement
Advertisement