ਬਹਿਬਲ ਕਲਾਂ ਗੋਲੀ ਕਾਂਡ ’ਚ ਪੀੜਤ ਪਰਿਵਾਰ ਨੂੰ ਐੱਨਆਈਏ ਵੱਲੋਂ ਨੋਟਿਸ
ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ/ਫਰੀਦਕੋਟ, 17 ਸਤੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਪਿਛਲੇ ਸਾਲ ਦੇ ਕੇਸ ਵਿੱਚ 19 ਸਤੰਬਰ ਨੂੰ ਨਵੀਂ ਦਿੱਲੀ ਸਥਿਤ ਆਪਣੇ ਦਫ਼ਤਰ ਸੱਦਿਆ ਹੈ। ਸੁਖਰਾਜ ਸਿੰਘ ਨੇ ਇਸ ਨੋਟਿਸ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਕਿ ਇਹ ਨੋਟਿਸ ਉਨ੍ਹਾਂ ਨੂੰ ਕਿਉਂ ਆਇਆ ਹੈ ਪਰ ਫਿਰ ਵੀ ਜਾਂਚ ਏਜੰਸੀ ਦੇ ਦਫ਼ਤਰ ਜ਼ਰੂਰ ਜਾਣਗੇ। ਏਜੰਸੀ ਉਨ੍ਹਾਂ ਕੋਲੋਂ ਜੋ ਵੀ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ, ਉਸ ਵਿੱਚ ਉਹ ਪੂਰਾ ਸਹਿਯੋਗ ਕਰਨਗੇ।
ਜ਼ਿਕਰਯੋਗ ਹੈ ਕਿ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੀ ਘਟਨਾ ਮਗਰੋਂ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨ ਦੌਰਾਨ ਪੰਜਾਬ ਪੁਲੀਸ ਵੱਲੋਂ ਗੋਲੀ ਚਲਾਏ ਜਾਣ ’ਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵੱਲੋਂ ਆਪਣੇ ਪਿਤਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਉਹ ਤਕਰੀਬਨ 2 ਸਾਲ ਤੱਕ ਘਟਨਾ ਵਾਲੀ ਥਾਂ ’ਤੇ ਬਹਿਬਲ ਕਲਾਂ ਇਨਸਾਫ਼ ਮੋਰਚਾ ਲਗਾ ਕੇ ਰੋਸ ਜ਼ਾਹਿਰ ਕਰਦੇ ਰਹੇ।