ਅਨਿਲ ਜੋਸ਼ੀ ਵੱਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
ਟਿ੍ਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਤੋਂ ਬਾਅਦ ਸਾਬਕਾ ਮੰਤਰੀ ਰਹੇ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਿਆ ਹੈ। ਕੱਲ੍ਹ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ੍ਰੀ ਜੋਸ਼ੀ ਨੇ ਆਪਣੇ ਅਸਤੀਫ਼ੇ ’ਚ ਲਿਖਿਆ ਕਿ ਉਹ ਮਹਿਸੂਸ ਕਰ ਰਹੇ ਹਨ ਕਿ ਪਾਰਟੀ, ਪੰਜਾਬ ਦੇ ਅਸਲ ਮੁੱਦਿਆਂ ਦੀ ਕੋਈ ਗੱਲ ਨਹੀਂ ਕਰ ਰਹੀ ਅਤੇ ਨਾ ਹੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੁਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗਦਾ ਹੈ ਕਿ ਜਿਵੇਂ ਅਕਾਲੀ ਦਲ ਸਿਰਫ਼ ਧਰਮ ਅਤੇ ਪੰਥਕ ਏਜੰਡੇ ’ਚ ਹੀ ਉਲਝ ਕੇ ਰਹਿ ਗਿਆ ਅਤੇ ਇਸ ਪੰਥਕ ਰਾਜਨੀਤੀ ਵਿੱਚ ਉਨ੍ਹਾਂ ਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ ਕਿਉਂਕਿ ਉਹ ਹਮੇਸ਼ਾ ਧਰਮ ਨਿਰਪੱਖਤਾ ਅਤੇ ਸਰਬਪੱਖੀ ਵਿਕਾਸ ਦੇ ਹਾਮੀ ਰਹੇ ਹਨ। ਸ੍ਰੀ ਜੋਸ਼ੀ ਨੇ ਜ਼ਿਕਰ ਕੀਤਾ ਕਿ ਉਹ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਵਾਸਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ, ਜਿਸ ਕਾਰਨ ਉਨ੍ਹਾਂ ਨੂੰ ਭਾਜਪਾ ਨੇ ਛੇ ਸਾਲਾਂ ਲਈ ਪਾਰਟੀ ’ਚੋਂ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਭਰੇ ਮਨ ਨਾਲ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਇਸ ਨੂੰ ਤੁਰੰਤ ਸਵੀਕਾਰ ਕੀਤਾ ਜਾਵੇ।