ਹਰਿਆਣਾ ਹੱਦ ’ਤੇ ਵੱਡਾ ਇਕੱਠ ਕਰਨ ਦਾ ਐਲਾਨ
ਪੱਤਰ ਪ੍ਰੇਰਕ
ਗੁਰਦਾਸਪੁਰ, 19 ਅਗਸਤ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਇੱਕਤਰਤਾ ਸਰਹੱਦੀ ਪਿੰਡ ਡੁਗਰੀ ਵਿੱਚ ਹੋਈ। ਇਸ ਮੌਕੇ ਦਿੱਲੀ ਸਰਹੱਦ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਮੋਰਚਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਕਮੇਟੀ ਦੇ ਸੂਬਾ ਆਗੂ ਸ਼ਿਵੰਦਰ ਸਿੰਘ ਚੁਤਾਲਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦੀ ਜਿੱਤ ਆਪਸੀ ਏਕੇ ਨਾਲ ਹੀ ਸੰਭਵ ਹੈ। ਸੂਬਾ ਆਗੂ ਸ੍ਰੀ ਚੁਤਾਲਾ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਲੱਗੇ ਮੋਰਚੇ ਦੇ 31 ਅਗਸਤ ਨੂੰ 200 ਦਿਨ ਪੂਰੇ ਹੋਣ ’ਤੇ ਲੱਖਾਂ ਦਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ 31 ਅਗਸਤ ਦੇ ਨਾਲ-ਨਾਲ 10 ਸਤੰਬਰ ਨੂੰ ਵੀ ਜ਼ਿਲ੍ਹੇ ਦੀ ਵਾਰੀ ਆਉਣ ’ਤੇ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਦੱਸਿਆ ਕਿ ਬਿਜਲੀ ਵਾਲੇ ਚਿੱਪ ਵਾਲੇ ਮੀਟਰ ਲਗਾਉਣ ’ਤੇ ਵਿਰੋਧ ਕੀਤਾ ਜਾਵੇ। ਉਨ੍ਹਾਂ ਨੇ ਜ਼ੋਨ ਵਿੱਚ ਵੱਧ ਤੋਂ ਵੱਧ ਪਿੰਡਾਂ ਨੂੰ ਸ਼ਾਮਲ ਕਰਨ ਦੀ ਅਪੀਲ ਦੀ ਕੀਤੀ ਅਤੇ ਜਥੇਬੰਦੀ ਦੇ ਕੰਮ ਕਰਨ ਦੇ ਤਰੀਕੇ ਤੋਂ ਜਾਣੂ ਕਰਵਾਇਆ।