ਮੰਤਰੀਆਂ ਤੇ ਸੰਸਦ ਮੈਂਬਰ ਦੇ ਘਰਾਂ ਅੱਗੇ ਧਰਨਿਆਂ ਦਾ ਐਲਾਨ
ਸੰਤੋਖ ਗਿੱਲ
ਗੁਰੂਸਰ ਸੁਧਾਰ, 7 ਜੁਲਾਈ
ਸੰਗਰੂਰ ਜ਼ਿਲ੍ਹੇ ਦੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਖ਼ਿਲਾਫ਼ ਥਾਣਾ ਮੁਖੀ ਵੱਲੋਂ ਦਰਜ ਕੇਸ ਨੂੰ ਜਾਤੀ ਰੰਗਤ ਦੇਣ ਅਤੇ ਜਗਤਾਰ ਸਿੰਘ ਲੱਡੀ ਨੂੰ ਝੂਠੇ ਕੇਸ ਵਿੱਚ ਮੜ੍ਹ ਦੇਣ ਵਿਰੁੱਧ 11 ਜੁਲਾਈ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਪ੍ਰਮੁੱਖ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ ਪਟਿਆਲਾ, ਗੁਰਮੀਤ ਸਿੰਘ ਖੁੱਡੀਆਂ ਅਤੇ ਨਵੇਂ ਚੁਣੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰਾਂ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅਣਮਿਥੇ ਸਮੇਂ ਲਈ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਕੇਯੂ (ਏਕਤਾ-ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਗਿਆ। ਡੇਹਲੋਂ ਦੇ ਗੁਰਦੁਆਰੇ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਨੇ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਪਟਿਆਲਾ ਧਰਨੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਮਨੁੱਖੀ ਅਧਿਕਾਰ ਕਾਰਕੁਨ ਅਰੁੰਧਤੀ ਰਾਏ ਅਤੇ ਪ੍ਰੋਫੈਸਰ ਸ਼ੌਕਤ ਹੁਸੈਨ ਦੀ ਆਵਾਜ਼ ਬੰਦ ਕਰਨ ਲਈ ਯੂਏਪੀਏ ਤਹਿਤ ਕੇਸ ਚਲਾਉਣ ਅਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਵਿਰੁੱਧ ਜਨਤਕ ਜਥੇਬੰਦੀਆਂ ਵੱਲੋਂ 21 ਜੁਲਾਈ ਨੂੰ ਜਲੰਧਰ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਦਾ ਵੀ ਐਲਾਨ ਕੀਤਾ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ ਸਣੇ ਹੋਰ ਕਿਸਾਨ ਆਗੂਆਂ ਨੇ ਚਰਚਾ ਵਿੱਚ ਭਾਗ ਲਿਆ।