For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ

07:10 AM Aug 17, 2024 IST
ਜੰਮੂ ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਐੱਸਐੱਸ ਸੰਧੂ ਤੇ ਗਿਆਨੇਸ਼ ਕੁਮਾਰ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ
Advertisement

ਨਵੀਂ ਦਿੱਲੀ, 16 ਅਗਸਤ
ਭਾਰਤੀ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾਵਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ ਕਸ਼ਮੀਰ ਵਿਚ ਲਗਪਗ ਇਕ ਦਹਾਕੇ ਮਗਰੋਂ 18 ਸਤੰਬਰ ਤੋਂ ਤਿੰਨ ਗੇੜਾਂ ਵਿਚ ਅਸੈਂਬਲੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਇਸ ਐਲਾਨ ਨਾਲ ਪੰਜ ਸਾਲ ਪਹਿਲਾਂ ਧਾਰਾ 370 ਮਨਸੂਖ਼ ਕੀਤੇ ਜਾਣ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਲਈ ਸਰਕਾਰ ਚੁਣਨ ਦਾ ਰਾਹ ਪੱਧਰਾ ਹੋ ਗਿਆ ਹੈ। ਹਰਿਆਣਾ ਦੀ 90 ਮੈਂਬਰੀ ਅਸੈਂਬਲੀ ਦੀ ਚੋਣ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਦੋਵਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਅਕਤੂਬਰ ਨੂੰ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਮੌਸਮ ਦੀ ਖਰਾਬੀ ਤੇ ਕੁਦਰਤੀ ਆਫਤਾਂ ਕਰਕੇ ਫਿਲਹਾਲ 46 ਵਿਧਾਨ ਸਭਾ ਸੀਟਾਂ ਤੇ ਵਾਇਨਾਡ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਹਾਲਾਤ ’ਚ ਸੁਧਾਰ ਹੁੰਦੇ ਹੀ ਛੇ ਮਹੀਨਿਆਂ ਅੰਦਰ ਜ਼ਿਮਨੀ ਚੋਣ ਕਰਵਾਈ ਜਾਵੇਗੀ।

Advertisement

Advertisement

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਤੇ ਸੁਖਬੀਰ ਸਿੰਘ ਸੰਧੂ ਦੀ ਮੌਜੂਦਗੀ ਵਿਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ 90 ਮੈਂਬਰੀ ਜੰੰਮੂ ਕਸ਼ਮੀਰ ਅਸੈਂਬਲੀ ਲਈ ਤਿੰਨ ਗੇੜਾਂ ’ਚ ਚੋਣਾਂ ਦੌਰਾਨ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਕੁਮਾਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਸੁਰੱਖਿਆ ਲੋੜਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਵਿਚ ਅਸੈਂਬਲੀ ਚੋਣਾਂ, ਜੋ 2019 ਵਿਚ ਹਰਿਆਣਾ ਦੇ ਨਾਲ ਹੀ ਹੋਈਆਂ ਸਨ, ਲਈ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਨਾਲ ਸਬੰਧਤ ਸਾਰੇ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਸਿਆਸੀ ਪਾਰਟੀਆਂ ਦੀ ਮੰਗ ਮੁਤਾਬਕ ਲੋੜੀਂਦੀ ਸੁਰੱਖਿਆ ਮੁਹੱਈਆ ਕੀਤੀ ਜਾਵੇਗੀ। ਕੁਮਾਰ ਨੇ ਕਿਹਾ ਕਿ ਹਰਿਆਣਾ ਅਸੈਂਬਲੀ ਚੋਣਾਂ ਲਈ ਨੋਟੀਫਿਕੇਸ਼ਨ 5 ਸਤੰਬਰ ਨੂੰ ਜਾਰੀ ਹੋਵੇਗਾ। ਨਾਮਜ਼ਦਗੀਆਂ 12 ਸਤੰਬਰ ਤੱਕ ਭਰੀਆਂ ਤੇ 16 ਸਤੰਬਰ ਤੱਕ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਤੇ ਅਗਲੇ ਸਾਲ ਦੀ ਸ਼ੁਰੂਆਤ ਵਿਚ ਚਾਰ ਵਿਧਾਨ ਸਭਾਵਾਂ ਦੀਆਂ ਚੋਣਾਂ ਤਜਵੀਜ਼ਤ ਹਨ ਅਤੇ ਕਿਉਂ ਜੋ ਜੰਮੂ ਕਸ਼ਮੀਰ ਪਿਛਲੀ ਵਾਰ (2019-20) ਤਸਵੀਰ ਵਿਚ ਨਹੀਂ ਸੀ, ਕਮਿਸ਼ਨ ਨੇ ਦੋ ਅਸੈਂਬਲੀ ਚੋਣਾਂ ਇਕੱਠਿਆਂ ਕਰਵਾਉਣ ਦਾ ਫੈਸਲਾ ਕੀਤਾ ਹੈ। ਜੰਮੂ ਕਸ਼ਮੀਰ ਤੇ ਹਰਿਆਣਾ ਤੋਂ ਇਲਾਵਾ ਮਹਾਰਾਸ਼ਟਰ, ਝਾਰਖੰਡ ਤੇ ਦਿੱਲੀ ਵਿਚ ਚੋਣਾਂ ਬਕਾਇਆ ਹਨ। ਕੁਮਾਰ ਨੇ ਕਿਹਾ ਕਿ ਜੰਮੂ ਕਸ਼ਮੀਰ ਤੇ ਹਰਿਆਣਾ ਲਈ ਚੋਣ ਅਮਲ ਮੁਕੰਮਲ ਹੋਣ ਤੋਂ ਬਾਅਦ ਹੀ ਬਾਕੀ ਰਾਜਾਂ ਦੀਆਂ ਅਸੈਂਬਲੀਆਂ ਲਈ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਤਹਿਤ ਜੰਮੂ ਕਸ਼ਮੀਰ ਵਿਚ ਪਹਿਲੇ ਗੇੜ ਤਹਿਤ 24 ਸੀਟਾਂ ਜਦੋਂਕਿ ਦੂਜੇ ਤੇ ਤੀਜੇ ਗੇੜ ਲਈ ਕ੍ਰਮਵਾਰ 26 ਤੇ 40 ਸੀਟਾਂ ਲਈ ਵੋਟਾਂ ਪੈਣਗੀਆਂ। ਜੰਮੂ ਕਸ਼ਮੀਰ ਵਿਚ ਪਿਛਲੀਆਂ ਅਸੈਂਬਲੀ ਚੋਣਾਂ ਨਵੰਬਰ-ਦਸੰਬਰ 2014 ਵਿਚ ਪੰਜ ਗੇੜਾਂ ਤਹਿਤ ਹੋਈਆਂ ਸਨ ਅਤੇ ਉਦੋਂ ਇਹ ਇਕ ਰਾਜ ਸੀ ਤੇ ਲੱਦਾਖ ਇਸ ਦਾ ਹਿੱਸਾ ਸੀ। ਚੋਣ ਕਮਿਸ਼ਨ ਨੇੇ ਜੰਮੂ ਕਸ਼ਮੀਰ ਲਈ ਚੋਣ ਤਰੀਕਾਂ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਸੁਪਰੀਮ ਕੋਰਟ ਜੰਮੂ ਕਸ਼ਮੀਰ ’ਚੋਂ ਧਾਰਾ 370 ਮਨਸੂਖ਼ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 30 ਸਤੰਬਰ ਤੋਂ ਪਹਿਲਾਂ ਅਸੈਂਬਲੀ ਚੋਣਾਂ ਕਰਵਾਉਣ ਦੀ ਹਦਾਇਤ ਕਰ ਚੁੱਕੀ ਹੈ। -ਪੀਟੀਆਈ

ਬਸਪਾ ਜੰਮੂ-ਕਸ਼ਮੀਰ ’ਚ ਇਕੱਲੀ ਤੇ ਹਰਿਆਣਾ ’ਚ ਇਨੈਲੋ ਨਾਲ ਰਲ ਕੇ ਲੜੇਗੀ ਅਸੈਂਬਲੀ ਚੋਣਾਂ

ਲਖਨਊ: ਬਸਪਾ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ-ਕਸ਼ਮੀਰ ’ਚ ਆਗਾਮੀ ਵਿਧਾਨ ਸਭਾ ਚੋਣਾਂ ਇਕੱਲਿਆਂ ਜਦਕਿ ਹਰਿਆਣਾ ’ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਮਿਲ ਕੇ ਲੜੇਗੀ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੇ ਤੁਰੰਤ ਬਾਅਦ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਜੰਮੂ-ਕਸ਼ਮੀਰ ’ਚ ਚੋਣਾਂ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਲਗਪਗ ਇੱਕ ਦਹਾਕੇ ਬਾਅਦ ਹੋਣ ਜਾ ਰਹੀਆਂ ਹਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ ਪੈਣੀਆਂ ਹਨ। ਨਤੀਜੇ 4 ਅਕਤੂਬਰ ਨੂੰ ਆਉਣਗੇ। -ਪੀਟੀਆਈ

ਸੈਣੀ ਵੱਲੋਂ ਜਿੱਤ ਦੀ ਹੈਟ੍ਰਿਕ ਤੇ ਹੁੱਡਾ ਵੱਲੋਂ ਵੱਡੇ ਬਹੁਮਤ ਨਾਲ ਜਿੱਤ ਦਾ ਦਾਅਵਾ

ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿਚ ਜਿੱਤ ਦੀ ਹੈਟ੍ਰਿਕ ਲਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਲਈ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੇ 10 ਸਾਲਾਂ ਦੇ ਕੁੁਸ਼ਾਸਨ ਨੂੰ ਨਹੀਂ ਭੁੱਲੇ। ਉਧਰ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਬੇਸਬਰੀ ਨਾਲ ਚੋਣਾਂ ਦੀ ਉਡੀਕ ਸੀ। ਕਾਂਗਰਸ ਮਜ਼ਬੂਤੀ ਨਾਲ ਲੜੇਗੀ ਤੇ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ।

ਫ਼ਾਰੂਕ, ਮਹਿਬੂਬਾ ਤੇ ਮੀਰ ਵੱਲੋਂ ਫੈਸਲੇ ਦਾ ਸਵਾਗਤ

ਜੰਮੂ: ਨੈਸ਼ਨਲ ਕਾਨਫਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ ਨੇ ਜੰਮੂ ਕਸ਼ਮੀਰ ਅਸੈਂਬਲੀ ਚੋਣਾਂ ਅਗਾਊਂ ਕਰਵਾਉਣ ਦੇ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਬਦੁੱਲਾ ਨੇ ਆਸ ਜਤਾਈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚੋਂ ਕੇਂਦਰੀ ਰਾਜ ਜਲਦੀ ਖ਼ਤਮ ਹੋ ਜਾਵੇਗਾ। ਅਬਦੁੱਲਾ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਲਈ ਤਿਆਰ ਹੈ। ਉਧਰ ਪਾਰਟੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਵੀ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, ‘‘ਜੰਮੂ ਕਸ਼ਮੀਰ ਦੇ ਲੋਕ ਇਸ ਦਿਨ ਦੀ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਸਨ। ਦੇਰ ਆਏ ਦਰੁਸਤ ਆਏ।’’ ਉਮਰ ਨੇ ਕਿਹਾ ਕਿ 1987-88 ਦੀਆਂ ਚੋਣਾਂ ਮਗਰੋਂ ਪਹਿਲੀ ਵਾਰ ਹੈ ਜਦੋਂ ਜੰਮੂ ਕਸ਼ਮੀਰ ਵਿਚ ਬਹੁਤ ਥੋੜ੍ਹੇ ਸਮੇਂ ਤੇ ਕੁਝ ਗੇੜਾਂ ਵਿਚ ਚੋਣਾ ਹੋ ਰਹੀਆਂ ਹਨ। ਏਆਈਸੀਸੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਦੀ ਧੀ ਇਲਤਜ਼ਾ ਮੁਫ਼ਤੀ, ਸੀਨੀਅਰ ਸੀਪੀਐੱਮ ਆਗੂ ਐੱਮਵਾਈ ਤਾਰੀਗਾਮੀ, ਜੰਮੂ ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ ਨੇ ਜੰਮੂ ਕਸ਼ਮੀਰ ’ਚ ਅਸੈਂਬਲੀ ਚੋਣਾਂ ਕਰਵਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। -ਪੀਟੀਆਈ

Advertisement
Author Image

sukhwinder singh

View all posts

Advertisement