ਆੜ੍ਹਤੀ ਐਸੋਸੀਏਸ਼ਨ ਵੱਲੋਂ ਝੋਨੇ ਦੀ ਖਰੀਦ ਨਾ ਕਰਨ ਦਾ ਐਲਾਨ
ਪੱਤਰ ਪ੍ਰੇਰਕ
ਗੜ੍ਹਸ਼ੰਕਰ, 24 ਸਤੰਬਰ
ਕਸਬਾ ਸੈਲਾ ਦੀ ਅਨਾਜ ਮੰਡੀ ਵਿੱਚ ਅੱਜ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਇਕੱਠ ਹੋਇਆ। ਇਸ ਮੌਕੇ ਇਲਾਕੇ ਦੀਆਂ 14 ਮੰਡੀਆਂ ਦੇ ਆੜ੍ਹਤੀਆਂ ਨੇ ਹਿੱਸਾ ਲਿਆ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨਿਰਮਲ ਸਿੰਘ ਗੜ੍ਹਸ਼ੰਕਰ, ਮੋਹਿਤ ਸ਼ਰਮਾ, ਸ਼ਾਮ ਲਾਲ, ਕੁਲਵੰਤ ਸਿੰਘ ਬੇਦੀ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਆੜ੍ਹਤੀ ਵਿਰੋਧੀ ਨੀਤੀਆਂ ਕਾਰਨ ਗੜ੍ਹਸ਼ੰਕਰ ਤਹਿਸੀਲ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਮੁਕੰਮਲ ਤੌਰ ’ਤੇ ਬੰਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਫਰੋਖਤ ਸਬੰਧੀ ਕੋਈ ਸਪੱਸ਼ਟ ਨੀਤੀ ਨਹੀਂ ਬਣਾ ਰਹੀ ਜਿਸ ਕਰਕੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਨਿਰਾਸ਼ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਨਾਲ ਜੁੜੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਹੈ। ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ 1 ਅਕਤੂਬਰ ਤੋਂ ਢਾਈ ਫੀਸਦੀ ਆੜ੍ਹਤ ਦੀ ਮੰਗ ਨੂੰ ਲੈ ਕੇ ਵੀ ਪੰਜਾਬ ਸਰਕਾਰ ਖਿਲਾਫ ਵੱਖਰਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਉੱਤੇ ਕਿਸਾਨ ਅਤੇ ਆੜ੍ਹਤੀਆਂ ਵਿਰੋਧੀ ਫੈਸਲੇ ਕਰਨ ਦੇ ਦੋਸ਼ ਵੀ ਲਗਾਏ।