ਮੁਲਾਜ਼ਮਾਂ ਵੱਲੋਂ ਸੰਗਰੂਰ ਤੇ ਧੂਰੀ ’ਚ ‘ਤੋਹਫ਼ਾ ਯਾਦ ਦਿਵਾਓ’ ਝੰਡਾ ਮਾਰਚ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਕਤੂਬਰ
ਸੀਪੀਐੱਫ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁੜ ਬਹਾਲੀ ਲਈ 2 ਨਵੰਬਰ ਨੂੰ ਸੰਗਰੂਰ ਅਤੇ ਧੂਰੀ ਵਿੱਚ ‘ਤੋਹਫ਼ਾ ਯਾਦ ਦਿਵਾਓ’ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।
ਇੱਥੇ ਬਨਾਸਰ ਬਾਗ ਵਿੱਚ ਯੂਨੀਅਨ ਦੀ ਹੋਈ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਸੀਪੀਐੱਫ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦਾ ਸੰਘਰਸ਼ ਸ਼ੂਰੂ ਕਰਨ ਦੀ ਵਿਉਂਤਬੰਦੀ ਕਰ ਲਈ ਹੈ। ਇਸ ਸਬੰਧੀ ਯੂਨੀਅਨ ਵੱਲੋਂ 2 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੋਹਫ਼ਾ ਯਾਦ ਕਰਵਾਉਣ ਲਈ ਸੰਗਰੂਰ ਅਤੇ ਧੂਰੀ ਹਲਕੇ ਵਿੱਚ ‘ਤੋਹਫ਼ਾ ਯਾਦ ਦਿਵਾਓ’ ਝੰਡਾ ਮਾਰਚ ਕੀਤਾ ਜਾਵੇਗਾ।
ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਸੀ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਪਰ ਹੋਇਆ ਕੁੱਝ ਵੀ ਨਹੀਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸ਼ਰਮਾ, ਅਮਨਦੀਪ ਸਿੰਘ ਸੂਬਾ ਵਿੱਤ ਸਕੱਤਰ, ਸੰਗਤ ਰਾਮ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਸਰਬਜੀਤ ਸਿੰਘ ਸੂਬਾ ਜਨਰਲ ਸਕੱਤਰ ਆਈ.ਟੀ.ਆਈ ਤੇ ਸੁਰਜੀਤ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ ਸੰਗਰੂਰ ਹਾਜ਼ਰ ਸਨ।