ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਅੰਦੋਲਨ ਵਿੱਢਣ ਦਾ ਐਲਾਨ
ਪੱਤਰ ਪ੍ਰੇਰਕ
ਜਲੰਧਰ, 20 ਜੁਲਾਈ
ਦੇਸ਼ ਭਗਤ ਯਾਦਗਾਰ ਜਲੰਧਰ ਦੇ ਗਦਰੀ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਸੀਪੀਆਈ (ਐੱਮਐੱਲ) ਲਬਿਰੇਸ਼ਨ ਅਤੇ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ ਇੰਡੀਆ-ਯੂਨਾਈਟਿਡ (ਐੱਮਸੀਪੀਆਈ-ਯੂ) ਵੱਲੋਂ ਸੂਬਾਈ ਕਨਵੈਨਸ਼ਨ ਸੱਦੀ ਗਈ। ਇਸ ਮੌਕੇ ਮੰਗਤ ਰਾਮ ਪਾਸਲਾ, ਬੰਤ ਬਰਾੜ, ਗੁਰਮੀਤ ਸਿੰਘ ਬਖਤਪੁਰ ਅਤੇ ਕਿਰਨਜੀਤ ਸਿੰਘ ਸੇਖੋਂ ਨੇ ਮੁੱਖ ਬੁਲਾਰਿਆਂ ਵਜੋਂ ਕਨਵੈਨਸ਼ਨ ਦਾ ਮਨੋਰਥ ਸਾਂਝਾ ਕੀਤਾ। ਕੁਲਵੰਤ ਸਿੰਘ ਸੰਧੂ ਅਤੇ ਸੁਖਦਰਸ਼ਨ ਸਿੰਘ ਨੱਤ ਨੇ ਵੀ ਵਿਚਾਰ ਰੱਖੇ। ਕਨਵੈਨਸ਼ਨ ਦੀ ਪ੍ਰਧਾਨਗੀ ਸਾਥੀ ਨਿਰਮਲ ਸਿੰਘ ਧਾਲੀਵਾਲ, ਰਤਨ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ, ਨਿਰੰਜਣ ਸਿੰਘ ਸਫੀਪੁਰ ਨੇ ਕੀਤੀ। ਮੰਚ ਸੰਚਾਲਕ ਦੇ ਫਰਜ਼ ਪਰਗਟ ਸਿੰਘ ਜਾਮਾਰਾਏ ਨੇ ਬਾਖੂਬੀ ਅਦਾ ਕੀਤੇ। ਬੁਲਾਰਿਆਂ ਨੇ ਐਲਾਨ ਕੀਤਾ ਕਿ ਖੱਬੀਆਂ ਧਿਰਾਂ ਕੇਂਦਰੀ ਸਰਕਾਰ ਦੇ ਪੰਜਾਬ ਵਿਰੋਧੀ ਕਦਮਾਂ ਖ਼ਿਲਾਫ਼, ਪੰਜਾਬ-ਪੰਜਾਬੀਅਤ ਦਾ ਰੁਤਬਾ ਬੁਲੰਦ ਕਰਨ ਲਈ ਸਮੂਹ ਪੰਜਾਬੀਆਂ ਦਾ ਜਮਹੂਰੀ ਲੀਹਾਂ ’ਤੇ ਸਰਵ ਸਾਂਝਾ ਘੋਲ ਵਿੱਢਣ ਲਈ ਪੂਰਾ ਤਾਣ ਲਾਉਣਗੀਆਂ। ਇਸ ਦਿਸ਼ਾ ਵਿੱਚ ਛੇਤੀ ਹੀ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਪਹਿਲੀ ਤੋਂ ਪੰਦਰਾਂ ਅਗਸਤ ਤੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਅਤੇ ਜਨਤਕ ਰੋਸ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੋਦੀ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕੁਚਾਲਾਂ ਪ੍ਰਤੀ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਧਾਰੀ ਚੁੱਪ ਦੀ ਵੀ ਡਟਵੀਂ ਨਿੰਦਾ ਕੀਤੀ। ਸਰਬਸੰਮਤੀ ਨਾਲ ਪਾਸ ਕੀਤੇ ਇਕ ਮਤੇ ਰਾਹੀਂ ਚੰਡੀਗੜ੍ਹ ਪੱਕੇ ਤੌਰ ’ਤੇ ਪੰਜਾਬ ਦੇ ਹਵਾਲੇ ਕਰਨ, ਦਰਿਆਈ ਪਾਣੀਆਂ ਦੀ ਸਰਵ ਪ੍ਰਵਾਨਿਤ ਤੇ ਨਿਆਂ ਸੰਗਤ ਵੰਡ ਕਰਨ, ਗੁਆਂਢੀ ਸੂਬਿਆਂ ਅਤੇ ਦੇਸ਼ ਦੇ ਹੋਰਨਾਂ ਭਾਗਾਂ ’ਚ ਪੰਜਾਬੀ ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਨ, ਭਾਖੜਾ-ਬਿਆਸ ਪ੍ਰਬੰਧਕੀ ਬੋਰਡ ’ਚੋਂ ਪੰਜਾਬ ਦੀ ਖੋਹੀ ਮੈਂਬਰੀ ਬਹਾਲ ਕਰਨ ਅਤੇ ਡੈਮਾਂ ਦੀ ਮੈਨੇਜਮੈਂਟ ’ਚੋਂ ਸੂਬਿਆਂ ਨੂੰ ਬੇਦਖ਼ਲ ਕਰਨ ਵਾਲਾ ਡੈਮ ਸੁਰੱਖਿਆ ਐਕਟ ਰੱਦ ਕਰਨ, ਸੀਮਾ ਸੁਰੱਖਿਆ ਬਲ ਨੂੰ ਦਿੱਤੇ ਸਰਹੱਦੀ ਇਲਾਕਿਆਂ ਅੰਦਰ ਵਧੇਰੇ ਦੂਰ ਤੱਕ ਮਨਮਰਜ਼ੀ ਨਾਲ ਗਸ਼ਤ ਕਰਨ ਦੇ ਅਧਿਕਾਰ ਵਾਪਸ ਲੈਣ ਦੀ ਮੰਗ ਕੀਤੀ ਗਈ। ਕਨਵੈਨਸ਼ਨ ਦੀ ਸਮਾਪਤੀ ’ਤੇ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਵੀ ਕੱਢਿਆ ਗਿਆ।