ਵਿਭਾਗ ਵੱਲੋਂ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਅਕਤੂਬਰ
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ 2023 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਲਖਵਿੰਦਰ ਜੌਹਲ ਦੀ ਪੁਸਤਕ ‘ਪਾਣੀ ਹੋਏ ਵਿਚਾਰ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਲੇਖਕ ਅਜ਼ੀਜ਼ ਸਰੋਏ ਦੀ ਪੁਸਤਕ ‘ਆਪਣੇ ਲੋਕ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਬਲਦੇਵ ਸਿੰਘ ਧਾਲੀਵਾਲ ਦੀ ਪੁਸਤਕ ‘ਕੰਜ-ਕੁਆਰੀ ਧਰਤੀ (ਪੁਡੂਚੇਰੀ ਅਤੇ ਅੰਡੇਮਾਨ ਦੇ ਟਾਪੂਆਂ ਦਾ ਸਫ਼ਰ)’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਰਾਕੇਸ਼ ਕੁਮਾਰ ਦੀ ਪੁਸਤਕ ‘ਕ੍ਰਾਂਤੀਕਾਰੀ ਸ਼ੇਰ ਜੰਗ ਸ਼ੇਰਾਂ ਵਰਗਾ ਸ਼ੇਰ’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਸਰਵਨ ਸਿੰਘ ਪਰਦੇਸੀ ਦੀ ਪੁਸਤਕ ‘ਸੂਫ਼ੀ ਲਹਿਰ ਦਾ ਸਮਾਜਕ ਮਾਡਲ (ਖੁੱਲ੍ਹੀਆਂ ਅੱਖਾਂ ਦੇ ਸੁਪਨੇ)’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਹਰਦੀਪ ਬਾਵਾ ਦੀ ਪੁਸਤਕ ‘ਨਾ ਨਰ ਨਾ ਨਾਰੀ’ ਨੂੰ, ਡਾ. ਐੱਮਐੱਸ ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਵਾਸੂ ਦੀ ਪੁਸਤਕ ‘ਗੁਰਮਤਿ: ਸੰਪੂਰਨ ਜੀਵਨ ਦਾ ਮਾਰਗ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਸਿਮਰਤ ਸੁਮੈਰਾ ਦੀ ਪੁਸਤਕ ‘ਸੁਨਹਿਰੀ ਟਾਪੂ’ (ਬਾਲ ਕਥਾ) ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਬੂਟਾ ਸਿੰਘ ਚੌਹਾਨ ਦੀ ਪੁਸਤਕ ‘ਚੋਰ ਉਚੱਕੇ’ (ਮਰਾਠੀ ਲੇਖਕ ਲਕਸ਼ਮਣ ਗਾਇਕਵਾੜ ਦੀ ਸਵੈ-ਜੀਵਨੀ) ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਵਿਆਕਰਣ/ਭਾਸ਼ਾ ਵਿਗਿਆਨ/ਹਵਾਲਾ ਗ੍ਰੰਥ) ਨਿਹਾਲ ਸਿੰਘ ਮਾਨ ਦੀ ਪੁਸਤਕ ‘ਗੁਰਬਾਣੀ ਲਿਪੀ ਗੁੱਝੇ ਭੇਦ’ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 144 ਪੁਸਤਕਾਂ ਪ੍ਰਾਪਤ ਹੋਈਆਂ ਸਨ।
ਨਵੰਬਰ ਦੇ ਪਹਿਲੇ ਹਫ਼ਤੇ ਦਿੱਤੇ ਜਾਣਗੇ ਪੁਰਸਕਾਰ
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿੱਚ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ ਅਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ।