ਉਗਰਾਹਾਂ ਜਥੇਬੰਦੀ ਵੱਲੋਂ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ
ਪੱਤਰ ਪ੍ਰੇਰਕ
ਮਾਨਸਾ, 1 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਹੰਗਾਮੀ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਸਾਇਲੋ ਵਿੱਚ ਕਣਕ ਭੰਡਾਰਨ ਦੀ ਖੁੱਲ੍ਹ ਦੇਣ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਸੂਬੇ ਦੇ ਵਿਧਾਇਕਾਂ ਨੂੰ 2, 3 ਤੇ 4 ਅਪਰੈਲ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਜਥੇਬੰਦੀ ਦਾ ਕਹਿਣਾ ਹੈ ਕਿ ਇਨ੍ਹਾਂ ਪੱਤਰਾਂ ਰਾਹੀਂ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਜਾਂ ਫਿਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਜਾਵੇਗੀ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿੱਚੋਂ ਦੋ ਕਾਨੂੰਨਾਂ ਨੂੰ ਪੰਜਾਬ ਅੰਦਰ ਲਾਗੂ ਕਰਨ ਦੇ ਕਦਮ ਚੁੱਕ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ 26 ਮੰਡੀਆਂ ਨੂੰ ਖ਼ਤਮ ਕਰਨ ਦੇ ਫੈਸਲੇ ਲਏ ਜਾ ਰਹੇ ਹਨ।
ਰੁਲਦੂ ਸਿੰਘ ਮਾਨਸਾ ਵੱਲੋਂ ਆਗੂਆਂ ਨਾਲ ਮੀਟਿੰਗ
ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ 8 ਅਪਰੈਲ ਨੂੰ ਨਿੱਜੀਕਰਨ ਖਿਲਾਫ਼ ਚੰਡੀਗੜ੍ਹ ਤੋਂ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਬਿਗੁਲ ਵਜਾਇਆ ਜਾਵੇਗਾ। ਉਹ ਅੱਜ ਇਥੇ ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜ਼ੋਨ ਦੀ ਬਾਬਾ ਬੂਝਾ ਸਿੰਘ ਭਵਨ ਵਿੱਚ ਹੋਏ ਇੱਕ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਨੇ ਦੱਸਿਆ ਕਿ 8 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਜਥੇਬੰਦੀ ਵੱਲੋਂ ਇਸ ਸਬੰਧੀ ਬਕਾਇਦਾ ਅੱਜ ਤੋਂ ਲਾਮਬੰਦੀ ਆਰੰਭ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ-ਮਜ਼ਦੂਰ ਭਾਗ ਲੈਣਗੇ।