ਗੁਰੂ ਕਾ ਲਾਹੌਰ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 14 ਫਰਵਰੀ
ਗੁਰੂ ਗੋਬਿੰਦ ਸਿੰਘ ਦਾ ਵਿਆਹ ਪੁਰਬ (ਸਾਲਾਨਾ ਜੋੜ ਮੇਲਾ) ਇੱਥੋਂ ਦੇ ਨਾਲ ਲੱਗਦੇ ਗੁਰਦੁਆਰਾ ਗੁਰੂ ਕਾ ਲਾਹੌਰ (ਹਿ.ਪ੍ਰ) ਵਿਖੇ ਅੱਜ ਜਾਹੋ ਜਲਾਲ ਨਾਲ ਸਮਾਪਤ ਹੋਇਆ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚੀ ਸੰਗਤ ਗੁਰੂ ਘਰ ਨਤਮਸਤਕ ਹੋਈਆਂ। ਇਸ ਤੋਂ ਪਹਿਲਾਂ ਬੀਤੇ ਦਿਨ ਗੁਰਦੁਆਰਾ ਭੋਰਾ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਬਰਾਤ ਰੂਪੀ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ, ਜੋ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ, ਗੰਗੂਵਾਲ, ਸੱਧੇਵਾਲ, ਗੁਰਦੁਆਰਾ ਸੁਹੇਲਾ ਘੋੜਾ ਸਾਹਿਬ, ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ- ਢਾਡੀਆਂ ਨੇ ਸੰਗਤ ਨੂੰ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ ਉਪਰੰਤ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਸਮਾਪਤ ਹੋਇਆ। ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ 13 ਅਤੇ 14 ਫਰਵਰੀ ਨੂੰ ਖੁੱਲੇ ਦੀਵਾਨ ਸਜਾਏ ਗਏ। ਇਸ ਮੌਕੇ ਥਾਂ-ਥਾਂ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਹੋਏ ਸਨ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਾਹਿਬ ਗਿ: ਸੁਲਤਾਨ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਹਰਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਲਜੀਤ ਸਿੰਘ ਭਿੰਡਰ, ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਜਰਨੈਲ ਸਿੰਘ, ਪ੍ਰਿੰ. ਚਰਨਜੀਤ ਸਿੰਘ, ਸੰਦੀਪ ਸਿੰਘ ਕਲੋਤਾ, ਮਨਜਿੰਦਰ ਸਿੰਘ ਬਰਾੜ, ਅਮਰਜੀਤ ਸਿੰਘ ਸੰਦੋਆ, ਕਮਿੱਕਰ ਸਿੰਘ ਡਾਢੀ ਅਤੇ ਕੇਸਰ ਸਿੰਘ ਸੰਧੂ ਨੇ ਹਾਜ਼ਰੀ ਭਰੀ।