For the best experience, open
https://m.punjabitribuneonline.com
on your mobile browser.
Advertisement

ਅੰਸ਼ੁਲ ਛਤਰਪਤੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

08:07 AM Oct 02, 2024 IST
ਅੰਸ਼ੁਲ ਛਤਰਪਤੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਅੰਸ਼ੁਲ ਛਤਰਪਤੀ
Advertisement

ਪ੍ਰਭੂ ਦਿਆਲ
ਸਿਰਸਾ, 1 ਅਕਤੂਬਰ
ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿੱਤੇ ਜਾਣ ’ਤੇ ਸਵਾਲ ਖੜ੍ਹੇ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਡੇਰਾ ਮੁਖੀ ਪ੍ਰਭਾਵਸ਼ਾਲੀ ਹੈ ਤੇ ਉਹ ਚੋਣਾਂ ਪ੍ਰਭਾਵਿਤ ਕਰ ਸਕਦਾ ਹੈ, ਇਸ ਲਈ ਉਸ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ।
ਅੰਸ਼ੁਲ ਛਤਰਪਤੀ ਨੇ ਆਪਣੇ ਪੱਤਰ ’ਚ ਲਿਖਿਆ ਹੈ ਕਿ ਉਸ ਦੇ ਪਿਤਾ ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਸਾਲ 2002 ’ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਇਸ਼ਾਰੇ ’ਤੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 11 ਜਨਵਰੀ 2019 ਨੂੰ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ 25 ਅਗਸਤ 2017 ਨੂੰ ਵੀ ਅਦਾਲਤ ਵੱਲੋਂ ਉਸ ਨੂੰ ਡੇਰੇ ਦੀਆਂ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਮਾਮਲਿਆਂ ਵਿੱਚ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਤੋਂ ਇਲਾਵਾ ਗੁਰਮੀਤ ਰਾਮ ਰਹੀਮ ਵਿਰੁੱਧ ਆਪਣੇ ਸਾਧੂਆਂ ਨੂੰ ਨਪੁੰਸਕ ਬਣਾਉਣ ਅਤੇ ਬੇਅਦਬੀ ਕਰਨ ਦੇ ਮਾਮਲੇ ਅਦਾਲਤ ਵਿੱਚ ਬਕਾਇਆ ਹਨ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਹੁਣ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੈ। ਇਸ ਦੌਰਾਨ ਇੱਕ ਵਾਰ ਫਿਰ ਗੁਰਮੀਤ ਰਾਮ ਰਹੀਮ ਨੇ ਐਮਰਜੈਂਸੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਮੰਗ ਕੀਤੀ ਕਿ ਡੇਰਾ ਮੁਖੀ ਨੂੰ ਪੈਰੋਲ ਨਾ ਦਿੱਤੀ ਜਾਵੇ ਤੇ ਉਸ ਦੀ ਅਰਜ਼ੀ ਨੂੰ ਰੱਦ ਕੀਤਾ ਜਾਵੇ।

Advertisement

ਚੋਣਾਂ ਨੂੰ ਪ੍ਰਭਾਵਿਤ ਕਰਨ ਦਾ ਖਦਸ਼ਾ ਪ੍ਰਗਟਾਇਆ

ਅੰਸ਼ੁਲ ਛਤਰਪਤੀ ਨੇ ਪੱੱਤਰ ’ਚ ਕਿਹਾ ਹੈ ਕਿ ਕਤਲ ਅਤੇ ਜਬਰ-ਜਨਾਹ ਵਰਗੇ ਗੰਭੀਰ ਅਪਰਾਧਾਂ ਦਾ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਹੁਤ ਪ੍ਰਭਾਵਸ਼ਾਲੀ ਹੈ। 25 ਅਗਸਤ 2017 ਨੂੰ ਸਜ਼ਾ ਸੁਣਾਏ ਜਾਣ ਸਮੇਂ ਗੁਰਮੀਤ ਰਾਮ ਰਹੀਮ ਨੇ ਆਪਣੇ ਸ਼ਰਧਾਲੂਆਂ ਦਾ ਸਹਾਰਾ ਲੈ ਕੇ ਪੂਰੇ ਸੂਬੇ ’ਚ ਅਸ਼ਾਂਤੀ ਫੈਲਾਈ ਸੀ। ਡੇਰੇ ਦੇ ਸ਼ਰਧਾਲੂਆਂ ਦੀਆਂ ਵੋਟਾਂ ਦਾ ਲਾਲਚ ਦੇਸ਼ ਦੀ ਲਗਪਗ ਹਰ ਸਿਆਸੀ ਪਾਰਟੀ ਲਈ ਖਿੱਚ ਦਾ ਕੇਂਦਰ ਰਿਹਾ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਖ਼ੁਦ ਨੂੰ ਬਚਾਉਣ ਲਈ ਸਿਆਸੀ ਪਾਰਟੀਆਂ ਦਾ ਫ਼ਾਇਦਾ ਉਠਾਇਆ। ਇਸੇ ਕਾਰਨ ਗੁਰਮੀਤ ਰਾਮ ਰਹੀਮ ਨੇ ਵੀ ਆਪਣੇ ਡੇਰੇ ਦਾ ਸਿਆਸੀ ਵਿੰਗ ਬਣਾ ਲਿਆ। ਇਸ ਰਾਹੀਂ ਡੇਰਾ ਅਤੇ ਇਸ ਦੇ ਮੁਖੀ ਦੋ ਦਹਾਕਿਆਂ ਤੋਂ ਆਪਣੇ ਸ਼ਰਧਾਲੂਆਂ ਦੀਆਂ ਵੋਟਾਂ ਦੀ ‘ਸੌਦੇਬਾਜ਼ੀ’ ਕਰ ਰਹੇ ਹਨ।

Advertisement

ਦੋ ਸਾਲਾਂ ’ਚ 255 ਦਿਨ ਜੇਲ੍ਹ ਤੋਂ ਬਾਹਰ ਰਿਹਾ ਡੇਰਾ ਮੁਖੀ਼

ਡੇਰਾ ਮੁਖੀ ਨੂੰ ਪਿਛਲੇ ਦੋ ਸਾਲਾਂ ਵਿੱਚ 10 ਵਾਰ ਪੈਰੋਲ ਜਾਂ ਫਰਲੋ ਦਿੱਤੀ ਗਈ ਹੈ, ਜਿਸ ਤਹਿਤ ਉਹ 255 ਦਿਨ ਜੇਲ੍ਹ ਤੋਂ ਬਾਹਰ ਰਿਹਾ ਹੈ। ਸ੍ਰੀ ਛਤਰਪਤੀ ਨੇ ਕਿਹਾ ਕਿ ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਦਸ ਵਿੱਚੋਂ ਛੇ ਵਾਰ ਚੋਣਾਂ ਤੋਂ ਠੀਕ ਪਹਿਲਾਂ ਇਹ ਛੋਟ ਦਿੱਤੀ ਗਈ ਸੀ। ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ 2022 ਵਿੱਚ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਫਿਰ ਉਸ ਨੂੰ ਹਰਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜੂਨ 2022 ਵਿਚ 30 ਦਿਨਾਂ ਦੀ ਪੈਰੋਲ ਮਿਲੀ। ਉਸ ਤੋਂ ਬਾਅਦ ਅਕਤੂਬਰ 2022 ਵਿੱਚ ਮੁੜ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਉਪ ਚੋਣ ਵਿੱਚ 40 ਦਿਨਾਂ ਦੀ ਪੈਰੋਲ ਮਿਲੀ। ਹਰਿਆਣਾ ਪੰਚਾਇਤ ਚੋਣਾਂ ਤੋਂ ਪਹਿਲਾਂ ਜੁਲਾਈ 2023 ਵਿੱਚ 30 ਦਿਨਾਂ ਲਈ ਪੈਰੋਲ ਮਿਲੀ ਸੀ। ਫਿਰ ਉਸ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੰਬਰ 2023 ਵਿੱਚ 29 ਦਿਨਾਂ ਲਈ ਪੈਰੋਲ ਮਿਲੀ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੋਣਾਂ ਤੋਂ ਪਹਿਲਾਂ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ’ਤੇ ਸਵਾਲ ਉਠਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਇਸ ਦਾ ਨਿਬੇੜਾ ਕਰਦੇ ਹੋਏ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੇ ਮਾਮਲੇ ’ਚ ਪੱਖਪਾਤ ਨਾ ਕਰਨ ਨਿਰਦੇਸ਼ ਦਿੱਤੇ ਸਨ। ਇਸ ਦੇ ਬਾਵਜੂਦ ਅਗਸਤ 2024 ਵਿਚ ਚੋਣਾਂ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦਿੱਤੀ ਗਈ ਸੀ।

Advertisement
Author Image

joginder kumar

View all posts

Advertisement