ਨਸ਼ਾ ਵਿਰੋਧੀ ਲਹਿਰ: ਮਾਨਸਾ ’ਚ ਮੁੜ ਸੰਘਰਸ਼ ਵਿੱਢਣ ਦਾ ਐਲਾਨ
ਜੋਗਿੰਦਰ ਸਿੰਘ ਮਾਨ
ਮਾਨਸਾ, 16 ਨਵੰਬਰ
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਸਾ ਜ਼ਿਲ੍ਹੇ ਤੋਂ ਮੁੜ ਨਸ਼ਿਆਂ ਵਿਰੁੱਧ ਫੈਸਲਾਕੁਨ ਲੜਾਈ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਨੇ ਦੋਸ਼ ਲਾਇਆ ਹੈ ਕਿ ਮਾਨਸਾ ਸ਼ਹਿਰ ਅੰਦਰ ਮੁੜ ਸ਼ਰੇਆਮ ਨਸ਼ਾ ਵਿਕਣ ਲੱਗਿਆ ਹੈ, ਪਰ ਪੁਲੀਸ ਪ੍ਰਸ਼ਾਸਨ ਵੱਲੋਂ ਨਸ਼ਾ ਤਸ਼ਕਰਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਐਕਸ਼ਨ ਕਮੇਟੀ ਵੱਲੋਂ ਮਾਨਸਾ ਸ਼ਹਿਰ ਦੇ ਮੁਹੱਲਿਆ ’ਚ ਕਮੇਟੀਆਂ ਦਾ ਗਠਨ ਕਰਕੇ ਮੁੜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਮੋਰਚਾ ਲਾਇਆ ਜਾਵੇਗਾ। ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਸੀ.ਪੀ.ਆਈ (ਐਮ.ਐਲ) ਲਬਿਰੇਸ਼ਨ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੁੱਖ ਜ਼ਾਹਿਰ ਕੀਤਾ ਕਿ ਮਾਨਸਾ ਜ਼ਿਲ੍ਹੇ ਅੰਦਰ ਫਿਰ ਨਸ਼ਿਆਂ ਦੀ ਹਨੇਰੀ ਝੁੱਲ ਰਹੀ ਹੈ ਅਤੇ ਕਈ ਸਥਾਨਕ ਦੁਕਾਨਦਾਰ ਸ਼ਰੇਆਮ ਨਸ਼ੇ ਵਾਲੀਆਂ ਗੋਲੀਆਂ ਅਤੇ ਹੋਰ ਪਦਾਰਥ ਵੇਚ ਰਹੇ ਹਨ, ਪਰ ਪੁਲੀਸ ਪ੍ਰਸ਼ਾਸਨ ਫਿਰ ਇਨ੍ਹਾਂ ਦੁਕਾਨਦਾਰਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਹ ਪੁਲੀਸ ਪ੍ਰਸ਼ਾਸਨ ਨੂੰ ਸਬੂਤਾਂ ਸਹਿਤ ਸਬੰਧਤ ਦੁਕਾਨਦਾਰਾਂ ਸਬੰਧੀ ਦੱਸ ਰਹੇ ਹਨ ਤੇ ਉਨ੍ਹਾਂ ਨੂੰ ਫੜਾਉਣ ’ਚ ਮਦਦ ਕਰ ਰਹੇ, ਪਰ ਪੁਲੀਸ ਉਨ੍ਹਾਂ ਨੂੰ ਇਕ ਵਾਰ ਫੜ ਕੇ ਫਿਰ ਛੱਡ ਦਿੰਦੀ ਹੈ ਤੇ ਉਨ੍ਹਾਂ ਵਿਰੁੱਧ ਕੋਈ ਵੀ ਸਖਤ ਕਾਰਵਾਈ ਨਹੀਂ ਕਰ ਰਹੀ ਹੈ। ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਹੁਣ ਜਦੋਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਪੁਲੀਸ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ।