ਅਨੁਰਾਗ ਠਾਕੁਰ ਵੱਲੋਂ ਬੁੱਧੀਜੀਵੀਆਂ ਨਾਲ ਬਜਟ ਬਾਰੇ ਚਰਚਾ
ਆਤਿਸ਼ ਗੁਪਤਾ
ਚੰਡੀਗੜ੍ਹ, 28 ਜੁਲਾਈ
ਚੰਡੀਗੜ੍ਹ ਭਾਜਪਾ ਵੱਲੋਂ ਪਿਛਲੇ ਦਿਨੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵਿੱਤ ਵਰ੍ਹੇ 2024-25 ਲਈ ਪੇਸ਼ ਕੀਤੇ ਕੇਂਦਰੀ ਬਜਟ ਬਾਰੇ ਅੱਜ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ‘ਕਮਲਮ’ ਵਿੱਚ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਹਲਕਾ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਹਿਮਾਚਲ ਪ੍ਰਦੇਸ਼ ਦੇ ਸਹਿ ਪ੍ਰਭਾਰੀ ਸੰਜੇ ਟੰਡਨ ਸਣੇ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਬੁੱਧੀਜੀਵੀ ਤੇ ਭਾਜਪਾ ਆਗੂ ਮੌਜੂਦ ਰਹੇ।
ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ। ਭਾਜਪਾ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਹੈ। ਇਸ ਦੇ ਨਾਲ ਹੀ ਦੇਸ਼ ਦਾ ਬਜਟ ਵਿੱਚ 10 ਸਾਲਾਂ ਵਿੱਚ ਤਿੰਨ ਗੁਣਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤ ਵਰ੍ਹੇ 2024-25 ਦੇ ਬਜਟ ਵਿੱਚ ਗ਼ਰੀਬ, ਕਿਸਾਨ, ਔਰਤਾਂ, ਨੌਜਵਾਨਾਂ ਸਣੇ ਹਰ ਵਰਗ ਦੇ ਲੋਕਾਂ ਵੱਲ ਧਿਆਨ ਕੇਂਦਰਿਤ ਕੀਤਾ ਹੈ। ਕੇਂਦਰ ਸਰਕਾਰ ਨੇ ਸਿੱਖਿਆ, ਰੁਜ਼ਗਾਰ ਤੇ ਹੁਨਰ ਵਿਕਾਸ ਲਈ ਲਗਪਗ 1.48 ਲੱਖ ਕਰੋੜ ਰੁਪਏ ਰੱਖੇ ਹਨ। ਇਸ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ-ਨਵੇਂ ਸਾਧਨ ਮੁਹੱਈਆ ਕਰਵਾਉਣ ਲਈ ਬਜਟ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦੇ ਬਿਨਾਂ ਵਿਆਜ ਤੋਂ ਕਰਜ਼ੇ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਟਾਰਟਅੱਪ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਪਹਿਲਾਂ ਦੇਸ਼ ਵਿੱਚ 350 ਦੇ ਕਰੀਬ ਸਟਾਰਟਅੱਪ ਹੁੰਦੇ ਸਨ, ਅੱਜ ਉਨ੍ਹਾਂ ਦੀ ਗਿਣਤੀ ਵਧ ਕੇ 1.20 ਲੱਖ ’ਤੇ ਪਹੁੰਚ ਗਈ ਹੈ। ਮੋਦੀ ਦੀ ਅਗਵਾਈ ’ਚ ਆਰਥਿਕ ਸੁਧਾਰ ਹੋਇਆ: ਮਲਹੋਤਰਾ
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਭਾਰਤ ਦੁਨੀਆਂ ਦੀ 10ਵੀਂ ਮਜ਼ਬੂਤ ਅਰਥ-ਵਿਵਸਥਾ ਤੋਂ 5ਵੀਂ ਅਰਥ-ਵਿਵਸਥਾ ’ਤੇ ਪਹੁੰਚ ਗਿਆ ਹੈ। ਇਸ ਨੂੰ ਅਗਲੇ ਪੰਜ ਸਾਲਾਂ ਵਿੱਚ ਦੁਨੀਆਂ ਦੀ ਤੀਜੀ ਸਭ ਤੋਂ ਮਜ਼ਬੂਤ ਅਰਥ-ਵਿਵਸਥਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸਾਲ 2047 ਤੱਕ ਭਾਰਤ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।