ਨਸ਼ੇ ਦੇ ਮਾਮਲੇ ਸਬੰਧੀ ਅਨੁਰਾਗ ਠਾਕੁਰ ਨੇ ਕਾਂਗਰਸ ਨੂੰ ਘੇਰਿਆ
ਰਤਨ ਸਿੰਘ ਢਿੱਲੋਂ
ਅੰਬਾਲਾ, 3 ਅਕਤੂਬਰ
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਅੱਜ ਅੰਬਾਲਾ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਸੀਮ ਗੋਇਲ ਦੇ ਪ੍ਰਚਾਰ ਲਈ ਰੋਡ ਸ਼ੋਅ ਕਰਨ ਲਈ ਆਉਣਾ ਸੀ ਪਰ ਕੁਝ ਕਾਰਨਾਂ ਕਰਕੇ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਹਮੀਰਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਅਨੁਰਾਗ ਠਾਕੁਰ ਦੁਪਹਿਰ ਨੂੰ ਇੱਥੇ ਪਹੁੰਚੇ ਅਤੇ ਪੁਰਾਣੀ ਅਨਾਜ ਮੰਡੀ ਵਿੱਚ ਅਸੀਮ ਗੋਇਲ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਅਨੁਰਾਗ ਠਾਕੁਰ ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਪੁਲੀਸ ਨੇ ਦਿੱਲੀ ਵਿੱਚ ਜੋ 5 ਹਜ਼ਾਰ ਕਰੋੜ ਰੁਪਏ ਦੀ ਡਰੱਗ ਦਾ ਪਰਦਾਫਾਸ਼ ਕੀਤਾ ਹੈ, ਉਸ ਨੂੰ ਚਲਾਉਣ ਵਾਲਾ ਮੁੱਖ ਦੋਸ਼ੀ ਕਾਂਗਰਸ ਦੇ ਆਈਟੀ ਸੈੱਲ ਦਾ ਮੈਂਬਰ ਹੈ। ਉਨ੍ਹਾਂ ਸਵਾਲ ਕੀਤਾ ਕਿ ਭੁਪਿੰਦਰ ਸਿੰਘ ਹੁੱਡਾ ਦੱਸਣ ਕਿ ਨਸ਼ਾ ਵੇਚਣ ਵਾਲੇ ਤੁਸ਼ਾਰ ਗੋਇਲ ਦਾ ਹੁੱਡਾ ਪਰਿਵਾਰ ਨਾਲ ਕੀ ਸਬੰਧ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਉਦੋਂ ਤਕਲੀਫ਼ ਹੁੰਦੀ ਹੈ ਜਦੋਂ ਹਿਮੰਤ ਬਿਸਵਾ ਦੇ ਇਲਾਕੇ ਵਿੱਚ ਨਸ਼ਿਆਂ ਨੂੰ ਫੜਿਆ ਜਾਂਦਾ ਹੈ ਜਾਂ ਯੋਗੀ ਆਦਿੱਤਿਆ ਨਾਥ ਉੱਤਰ ਪ੍ਰਦੇਸ਼ ਵਿੱਚ ਅਤਿਵਾਦੀ ਮਾਨਸਿਕਤਾ ਵਾਲੇ ਲੋਕਾਂ ਦੇ ਖ਼ਿਲਾਫ਼ ਬੁਲਡੋਜ਼ਰ ਦੀ ਵਰਤੋਂ ਕਰਦੇ ਹਨ। ਜਦੋਂ ਭਾਜਪਾ ਨੇ ਗੁਜਰਾਤ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਫੜੇ ਤਾਂ ਵੀ ਕਾਂਗਰਸੀਆਂ ਨੂੰ ਦਰਦ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਨਫ਼ਰਤ ਦੀ ਦੁਕਾਨ ’ਤੇ ਕਾਂਗਰਸੀ ਆਗੂ ਨਸ਼ੇ ਦੀ ਦੁਕਾਨ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਨਸ਼ੇ ਪੰਜਾਬ ਤੋਂ ਆਉਣਗੇ ਤਾਂ ਹਰਿਆਣਾ ਨੂੰ ਕੌਣ ਬਚਾਏਗਾ। ਇਸ ਮੌਕੇ ਭਾਜਪਾ ਆਗੂ ਪਵਿੱਤਰ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ।