For the best experience, open
https://m.punjabitribuneonline.com
on your mobile browser.
Advertisement

ਸਾਕਾ ਨੀਲਾ ਤਾਰਾ: ਦਲ ਖ਼ਾਲਸਾ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ

09:55 PM Jun 23, 2023 IST
ਸਾਕਾ ਨੀਲਾ ਤਾਰਾ  ਦਲ ਖ਼ਾਲਸਾ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 6 ਜੂਨ

ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੇ ਰੋਸ ਵਜੋਂ ਦਲ ਖ਼ਾਲਸਾ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਘੱਲੂਘਾਰੇ ਦੀ 39ਵੀਂ ਬਰਸੀ ਮੌਕੇ ਦਲ ਖਾਲਸਾ ਵੱਲੋਂ ਹਰ ਸਾਲ ਵਾਂਗ ਅੰਮ੍ਰਿਤਸਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦੇ ਸੱਦੇ ਤਹਿਤ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ ਦੁਕਾਨਾਂ, ਕਾਰੋਬਾਰੀ ਤੇ ਵਪਾਰਕ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਦੌਰਾਨ ਸ਼ਹਿਰ ਵਿੱਚ ਆਵਾਜਾਈ ਨਿਰਵਿਘਨ ਜਾਰੀ ਰਹੀ ਹੈ। ਕਿਸੇ ਵੀ ਸਿੱਖ ਜਥੇਬੰਦੀ ਵੱਲੋਂ ਬੰਦ ਦੇ ਦੌਰਾਨ ਆਵਾਜਾਈ ਨੂੰ ਰੋਕਣ ਦਾ ਯਤਨ ਨਹੀਂ ਕੀਤਾ ਗਿਆ ਅਤੇ ਨਾ ਹੀ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਵਾਉਣ ਲਈ ਜਲੂਸ ਆਦਿ ਕੱਢੇ ਗਏ। ਇਸ ਬੰਦ ਦੌਰਾਨ ਮੈਡੀਕਲ ਸੇਵਾਵਾਂ ਵੀ ਨਿਰਵਿਘਨ ਜਾਰੀ ਰਹੀਆਂ। ਸ਼ਹਿਰ ਦੇ ਅੰਦਰੂਨੀ ਹਿੱਸੇ ਅਤੇ ਕੁਝ ਹੋਰ ਥਾਵਾਂ ‘ਤੇ ਸ਼ਾਮ ਵੇਲੇ ਕੁਝ ਦੁਕਾਨਾਂ ਖੁੱਲ੍ਹ ਗਈਆਂ ਸਨ ਪਰ ਸਾਰਾ ਦਿਨ ਮੁਕੰਮਲ ਬੰਦ ਰਿਹਾ ਹੈ।

ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰ ਕੇ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਖ਼ਾਸ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲੀਸ ਦੇ ਉੱਚ ਅਧਿਕਾਰੀਆਂ ਮੁਤਾਬਕ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਲਗਭਗ ਪੰਜ ਹਜ਼ਾਰ ਤੋਂ ਵੱਧ ਨੀਮ ਫੌਜੀ ਬਲ ਅਤੇ ਪੁਲੀਸ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਅੱਜ ਦਾ ਘੱਲੂਘਾਰਾ ਦਿਵਸ ਸਮਾਗਮ ਸ਼ਾਂਤੀਪੂਰਵਕ ਸਮਾਪਤ ਹੋਣ ‘ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ।

ਇਸ ਦੌਰਾਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ ਨੇ ਆਖਿਆ ਕਿ ਲੋਕਾਂ ਨੇ ਇਸ ਬੰਦ ਵਿੱਚ ਸਹਿਯੋਗ ਦੇ ਕੇ ਸਿੱਖ ਭਾਵਨਾਵਾਂ ਦੀ ਕਦਰ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਮੌਕੇ ਦਿੱਤੇ ਸੰਦੇਸ਼ ‘ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਦੇਸ਼ ਭਵਿੱਖ ਦੇ ਪ੍ਰੋਗਰਾਮ ਤੋਂ ਸੱਖਣਾ ਸੀ। ਜਥੇਦਾਰ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ ਪਰ ਸਿੱਖ ਸ਼ਕਤੀ ਨੂੰ ਕਿਵੇਂ ਤੇ ਕੌਣ ਇਕੱਠਾ ਕਰੇਗਾ ਇਸ ਬਾਰੇ ਕੁਝ ਨਹੀਂ ਦੱਸਿਆ।

ਇਸ ਮੌਕੇ ਦਲ ਖਾਲਸਾ ਦੀ ਟੀਮ ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਬਠਿੰਡਾ ਆਦਿ ਅਗਵਾਈ ਵਿੱਚ ਕਾਰਕੁਨਾਂ ਨੇ ਖ਼ਾਲਿਸਤਾਨੀ ਬੈਨਰ ਅਤੇ ਤਖ਼ਤੀਆਂ ਚੁੱਕ ਕੇ ਜਥੇਬੰਦੀ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।

Advertisement
Advertisement
Advertisement
×