For the best experience, open
https://m.punjabitribuneonline.com
on your mobile browser.
Advertisement

ਸਾਕਾ ਨੀਲਾ ਤਾਰਾ: ਸ਼ਰਧਾਂਜਲੀ ਸਮਾਗਮ ਮੌਕੇ ਅਕਾਲ ਤਖ਼ਤ ’ਤੇ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ, ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ

11:46 AM Jun 06, 2024 IST
ਸਾਕਾ ਨੀਲਾ ਤਾਰਾ  ਸ਼ਰਧਾਂਜਲੀ ਸਮਾਗਮ ਮੌਕੇ ਅਕਾਲ ਤਖ਼ਤ ’ਤੇ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ  ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੂਨ 
ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਅੱਜ ਇਥੇ ਅਕਾਲ ਤਖਤ ਵਿਖੇ ਖ਼ਾਲਿਸਤਾਨ ਪੱਖੀ ਨਾਅਰਿਆਂ ਨਾਲ ਮਨਾਈ ਗਈ ਤੇ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਸ਼ਹਿਰ ਵਿੱਚ ਲਗਪਗ ਮੁਕੰਮਲ ਬੰਦ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ।  ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਕਾਲ ਤਖ਼ਤ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ। ਸਮਾਗਮ ਮਗਰੋਂ ਅਕਾਲ ਤਖ਼ਤ ਦੇ ਨੇੜੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਵੀ ਕੀਤਾ।  ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਅਤੇ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ।  ਇਸ ਮੌਕੇ ਜਦੋਂ ਦੋਵੇਂ ਸਿੱਖ ਆਗੂ ਸੰਬੋਧਨ ਕਰ ਰਹੇ ਸਨ ਤਾਂ ਪ੍ਰਬੰਧਕਾਂ ਵੱਲੋਂ ਅਕਾਲ ਤਖ਼ਤ ਵਿਖੇ ਚੱਲ ਰਹੇ ਕੀਰਤਨ ਦੀ ਆਵਾਜ਼ ਨੂੰ ਉੱਚਾ ਕਰ ਦਿੱਤਾ ਗਿਆ, ਜਿਸ ਕਾਰਨ ਦੋਵਾਂ ਸਿੱਖ ਆਗੂਆਂ ਦੀ ਆਵਾਜ਼ ਸੰਗਤ ਤੱਕ ਨਹੀਂ ਪੁੱਜੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਿੱਖ ਨੌਜਵਾਨਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ,  ਭਿੰਡਰਾਂਵਾਲਾ ਜ਼ਿੰਦਾਬਾਦ  ਦੇ ਨਾਅਰੇ ਲਾਏ। ਉਨ੍ਹਾਂ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਬੰਧੀ ਪੋਸਟਰ ਵੀ ਚੁੱਕੇ ਹੋਏ ਸਨ। ਸਮਾਗਮ ਦੌਰਾਨ ਹਰਿਮੰਦਰ ਸਾਹਿਬ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਚਿੱਟ ਕੱਪੜੀਏ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕੈਂਪਸ ਤੋਂ ਬਾਹਰ ਪੁਲੀਸ ਵੱਲੋਂ  ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਨਾਕਾਬੰਦੀ ਕੀਤੀ ਗਈ। ਪੁਲੀਸ ਵੱਲੋਂ ਕੈਂਪਸ ਦੇ ਅੰਦਰ ਅਤੇ ਬਾਹਰ ਦੋਵਾਂ ਥਾਵਾਂ ’ਤੇ ਸਮੂਹ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰ ਮੈਂਬਰ, ਨਵੇਂ ਚੁਣੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ,   ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਚਾਚਾ, ਦਲ ਖਾਲਸਾ ਦੇ ਹਰਪਾਲ ਸਿੰਘ ਧਾਮੀ, ਕੰਵਰਪਾਲ ਸਿੰਘ, ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement

Advertisement
Author Image

Advertisement
Advertisement
×