ਪਾੜ੍ਹਿਆਂ ਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਪ ਲਾਂਚ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਸਤੰਬਰ
ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕ ਮੋਬਾਈਲ ਐਪਲੀਕੇਸ਼ਨ ਰਾਹੀਂ ਸਕੂਲ ਅਤੇ ਸਿੱਖਿਆ ਨਾਲ ਸਬੰਧਤ ਸੁਝਾਅ ਤੇ ਸ਼ਿਕਾਇਤਾਂ ਸਿੱਧੇ ਵਿਭਾਗ ਨੂੰ ਭੇਜ ਸਕਣਗੇ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਬਣਾਈ ‘ਡੀਓਈ ਇੰਸਪੈਕਸ਼ਨ’ ਐਪ ਨੂੰ ਸਿੱਖਿਆ ਮੰਤਰੀ ਆਤਿਸ਼ੀ ਨੇ ਲਾਂਚ ਕੀਤਾ ਹੈ। ਇਹ ਨਵੀਨਕਾਰੀ ਐਪਲੀਕੇਸ਼ਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਹੱਲ ਕਰਨ ਲਈ ਤਿਆਰ ਕੀਤੀ ਗਈ ਹੈ।
ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਤਕਨੀਕੀ ਦਖਲ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਲੋੜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਐਪ ਸਾਡੇ ਸਕੂਲਾਂ ਨੂੰ ਵਧੀਆ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ। ਇਸ ਜ਼ਰੀਏ ਅਧਿਆਪਕ ਅਤੇ ਵਿਦਿਆਰਥੀ ਆਪਣੇ ਸੁਝਾਅ ਅਤੇ ਸ਼ਿਕਾਇਤਾਂ ਸਿੱਧੇ ਵਿਭਾਗ ਨੂੰ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸੁਝਾਅ ਸਾਨੂੰ ਸਾਡੇ ਸਕੂਲਾਂ ਵਿੱਚ ਲੋੜੀਂਦੀਆਂ ਤਬਦੀਲੀਆਂ ਲਿਆਉਣ ਵਿੱਚ ਮਦਦਗਾਰ ਹੋਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨੋਟਿਸ ਲਿਆ ਜਾ ਸਕਦਾ ਹੈ।
ਐਪ ਦੁਆਰਾ ਸਕੂਲ ਵਿੱਚ ਰੋਜ਼ਾਨਾ ਵਿਦਿਆਰਥੀ ਆਪਣੀਆਂ ਸਮੱਸਿਆਵਾਂ ਨੂੰ ਆਸਾਨੀ ਨਾਲ ਪ੍ਰਿੰਸੀਪਲ ਦੇ ਧਿਆਨ ਵਿੱਚ ਲਿਆ ਸਕਦੇ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੀਆਂ ਚਿੰਤਾਵਾਂ ਦੇ ਹੱਲ ਲਈ ਲੰਬਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਵਿਦਿਆਰਥੀ ਅਤੇ ਅਧਿਆਪਕ ਆਪਣੇ ਸਕੂਲਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੇ ਸਵਾਲ ਅਤੇ ਸ਼ਿਕਾਇਤਾਂ ਦਰਜ ਕਰਨ ਲਈ ਐਪ ਦੀ ਵਰਤੋਂ ਕਰ ਸਕਦੇ ਹਨ। ਇੱਕ ਵਾਰ ਜਦੋਂ ਉਨ੍ਹਾਂ ਦੇ ਮੁੱਦੇ ਜਮ੍ਹਾਂ ਹੋ ਜਾਂਦੇ ਹਨ, ਤਾਂ ਉਹ ਐਪ ਵਿੱਚ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਦੇ ਹਨ। ਇਸ ਮੌਕੇ ਸਕੂਲਾਂ ਦਾ ਸਟਾਫ਼ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।