ਪਠਾਣਮਾਜਰਾ ਵੱਲੋਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ
ਪੱਤਰ ਪ੍ਰੇਰਕ
ਦੇਵੀਗੜ੍ਹ, 27 ਸਤੰਬਰ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤ ਚੋਣਾਂ ਦਾ ਐਲਾਨ ਹੁਣ ਹੋ ਗਿਆ ਹੈ ਅਤੇ ਹੁਣ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੀਆਂ ਜਾਣਗੀਆਂ ਜਿਸ ਸਬੰਧੀ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੰਘੇ ਦਿਨ ਪੰਜਾਬ ਪੰਚਾਇਤੀ ਰਾਜ (ਸੋਧ) ਬਿਲ 2024 ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਹੈ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ਵਿੱਚੋਂ ਕੋਈ ਇੱਕ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਵਿੱਚ 144 ਪਿੰਡ ਹਨ, ਜਿੱਥੇ 29 ਪਿੰਡ ਐਸ.ਸੀ. ਕੈਟਾਗਿਰੀ ਲਈ ਰਾਖਵੇਂ ਹਨ ਇਨ੍ਹਾਂ ਵਿੱਚੋਂ 14 ਐਸ.ਸੀ. ਔਰਤਾਂ ਲਈ ਰਾਖਵੇਂ ਹਨ। ਇਸੇ ਤਰ੍ਹਾਂ ਬਲਾਕ ਸਨੌਰ ਵਿੱਚ 100 ਪਿੰਡ ਹਨ, ਜਿਨ੍ਹਾਂ ’ਚ 31 ਸੀਟਾਂ ਰਾਖਵੀਆਂ ਹਨ। ਪਠਾਣਮਾਜਰਾ ਨੇ ਇਹ ਵੀ ਕਿਹਾ ਕਿ ਪੰਚਾਇਤ ਚੋਣਾਂ ਨਿਰਪੱਖ ਹੋਣਗੀਆਂ।