ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦੀ ਅਪੀਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਕਤੂਬਰ
ਦਿੱਲੀ ਦੇ ਚਾਂਦਨੀ ਚੌਕ ਤੋਂ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਪੱਤਰ ਲਿਖ ਕੇ ਦੀਵਾਲੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਅਤੇ ਸੜਕਾਂ ਤੋਂ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ। ਖੰਡੇਲਵਾਲ ਨੇ ਕਿਹਾ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦਿੱਲੀ ਦੇ ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ ਪਰ ਮੌਜੂਦਾ ਸਮੇਂ ’ਚ ਸ਼ਹਿਰ ਦੀ ਸਫ਼ਾਈ ਵਿਵਸਥਾ, ਨਾਕਾਬੰਦੀ ਅਤੇ ਟਰੈਫਿਕ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ| ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਕੂੜੇ ਦੇ ਢੇਰ ਜਮ੍ਹਾਂ ਹੋ ਰਹੇ ਹਨ, ਜਿਸ ਨਾਲ ਨਾ ਸਿਰਫ਼ ਸ਼ਹਿਰ ਦਾ ਅਕਸ ਖ਼ਰਾਬ ਹੋ ਰਿਹਾ ਹੈ, ਸਗੋਂ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਰਹੀਆਂ ਹਨ| ਇਸ ਸਥਿਤੀ ਦੇ ਮੱਦੇਨਜ਼ਰ ਬਾਜ਼ਾਰਾਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ।
ਇਸ ਤੋਂ ਇਲਾਵਾ ਮੰਦਰਾਂ ਅਤੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਵੀ ਲੋੜ ਹੈ ਕਿਉਂਕਿ ਤਿਉਹਾਰਾਂ ਦੌਰਾਨ ਇਨ੍ਹਾਂ ਥਾਵਾਂ ’ਤੇ ਸ਼ਰਧਾਲੂਆਂ ਦੀ ਭਾਰੀ ਭੀੜ ਹੁੰਦੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਕਈ ਸੜਕਾਂ ਦੀ ਹਾਲਤ ਖਸਤਾ ਹੈ, ਜਿਸ ਕਾਰਨ ਟਰੇਫਿਕ ਜਾਮ ਦੀ ਸਮੱਸਿਆ ਵਧ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਵੀ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ।