ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਅਪੀਲ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜਨਵਰੀ
ਇੱਥੇ ਪੰਜਾਬ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਪੰਥ ਰਤਨ ਦੀ ਉਪਾਧੀ ਨਾਲ ਨਿਵਾਜਿਆ ਜਾਵੇ।
ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੱਤਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਗਿਆ ਹੈ। ਇਹ ਪੱਤਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ’ਚ ਸੌਂਪਿਆ ਹੈ। ਸ੍ਰੀ ਸੱਚਰ ਨੇ ਦੱਸਿਆ ਕਿ ਇਹ ਪੱਤਰ ਸਕੱਤਰੇਤ ਵਿੱਚ ਕਰਮਚਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦਫ਼ਤਰ ਵਿੱਚ ਮੌਜੂਦ ਨਹੀਂ ਸਨ, ਇਸ ਲਈ ਪੱਤਰ ਕਰਮਚਾਰੀਆਂ ਨੂੰ ਸੌਂਪਿਆ ਦਿੱਤਾ ਗਿਆ ਹੈ, ਜੋ ਇਸ ਨੂੰ ਜਥੇਦਾਰ ਸਾਹਿਬ ਨੂੰ ਸੌਂਪ ਦੇਣਗੇ। ਇਸ ਪੱਤਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀਆਂ ਪੰਥ ਪ੍ਰਤੀ ਸੇਵਾਵਾਂ ਅਤੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ।
ਉਨ੍ਹਾਂ ਲਿਖਿਆ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਵੱਜੋਂ ਉਨ੍ਹਾਂ ਦੀ ਸਥਿਤੀ ਵਿਸ਼ਵ ਪੱਧਰ ’ਤੇ ਸਿੱਖ ਭਾਈਚਾਰੇ ਲਈ ਮਾਨ ਅਤੇ ਮਾਨਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ’84 ਦੇ ਸਿੱਖ ਵਿਰੋਧੀ ਦੰਗਿਆਂ ਲਈ ਸੰਸਦ ਵਿੱਚ ਮੁਆਫ਼ੀ ਮੰਗੀ ਸੀ ਅਤੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਤੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ। ਉਨ੍ਹਾਂ 60 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਦੇ ਅਣਗਿਣਤ ਕਿਸਾਨਾਂ ਨੂੰ ਲਾਭ ਹੋਇਆ।
ਉਨ੍ਹਾਂ ਨੇ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸਿੱਖਾਂ ਲਈ ਪਾਕਿਸਤਾਨ ਜਾਣ ਵਾਲੇ ਤੀਰਥ ਮਾਰਗਾਂ ਦੀ ਸਹੂਲਤ ਲਈ ਬਾਰਡਰ ਕਰਾਸਿੰਗ ਦੀ ਸਹੂਲਤ ਤੇ ਬੁਨਿਆਦੀ ਢਾਂਚਾ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਇਆ। ਪੰਜਾਬ ਦੇ ਪੇਂਡੂ ਵਿਕਾਸ ਲਈ ਅਹਿਮ ਫੰਡ ਅਲਾਟ ਕੀਤੇ। ਪੰਜਾਬ ਕਾਂਗਰਸ ਦੇ ਪ੍ਰਧਾਨ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦੀ ਉਪਾਧੀ ਦੇਣ ਬਾਰੇ ਲੋੜੀਂਦੀ ਵਿਚਾਰ-ਚਰਚਾ ਜ਼ਰੂਰ ਕਰਨ।