ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਲੈਣ ਲਈ ‘ਉੱਨਤ ਕਿਸਾਨ’ ਐਪ ਵਰਤਣ ਦੀ ਅਪੀਲ
ਖੇਤਰੀ ਪ੍ਰਤੀਨਿਧ
ਪਟਿਆਲਾ, 29 ਸਤੰਬਰ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਹਰ ਸੰਭਵ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਉੱਨਤ ਕਿਸਾਨ ਮੋਬਾਈਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ‘ਉੱਨਤ ਕਿਸਾਨ’ ਐਪ ’ਤੇ ਜ਼ਿਲ੍ਹੇ ਦੀਆਂ ਸੀਆਰਐਮ ਮਸ਼ੀਨਾਂ ਨੂੰ ਮੈਪ ਕੀਤਾ ਜਾ ਰਿਹਾ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨੋਡਲ ਤੇ ਵਿਲੇਜ਼ ਲੈਵਲ ਅਫ਼ਸਰਾਂ ਨੂੰ ਐਪ ਦੀ ਵਰਤੋਂ ਕਰਨ ਸਬੰਧੀ ਜ਼ਿਲ੍ਹਾ ਪੱਧਰ ’ਤੇ ਟਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ।