ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿੱਖ ਜਥੇਬੰਦੀਆਂ ਨੂੰ ਭਰੋਸੇ ਵਿੱਚ ਲੈਣ ਦੀ ਅਪੀਲ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਸਤੰਬਰ
ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਜੋ ਕਿ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਵੀ ਹਨ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ , ਇਸ ਮਾਮਲੇ ਦੇ ਸਬੰਧ ਵਿੱਚ ਪੰਥਕ ਇਕੱਠ ਸੱਦਿਆ ਜਾਵੇ। ਇਸ ਵਿੱਚ ਸਿੱਖ ਜਥੇਬੰਦੀਆਂ ਦੇ ਸੁਝਾਅ ਲਏ ਜਾਣ ਅਤੇ ਉਸ ਤੋਂ ਬਾਅਦ ਕੋਈ ਫੈਸਲਾ ਦਿੱਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ਵਿੱਚ ਤੱਥ ਆਮ ਸੰਗਤ ਦੇ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਹੀ ਜਾਣਦੇ ਹਨ ਕਿ 2015 ਵਿੱਚ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ ਕਿਸ ਦੇ ਦਬਾਅ ਹੇਠ ਲਿਆ ਗਿਆ ਸੀ। ਅਜਿਹੇ ਸਾਰੇ ਮਾਮਲਿਆਂ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਫੈਸਲੇ ਬਾਰੇ ਉਸ ਵੇਲੇ ਦੇ ਜਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਬਿਆਨ ਵੀ ਲਏ ਜਾਣੇ ਚਾਹੀਦੇ ਹਨ।