ਪੰਚਾਇਤ ਚੋਣਾਂ ਦੌਰਾਨ ਆਪਸੀ ਭਾਈਚਾਰਾ ਕਾਇਮ ਰੱਖਣ ਦੀ ਅਪੀਲ
ਗੁਰਿੰਦਰ ਸਿੰਘ
ਲੁਧਿਆਣਾ, 8 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਚਾਇਤੀ ਚੋਣਾਂ ਦੌਰਾਨ ਲੋਕਾਂ ਨੂੰ ਪਿਆਰ ਅਤੇ ਇਤਫ਼ਾਕ ਬਣਾਕੇ ਚੋਣਾਂ ਵਿੱਚ ਹਿੱਸਾ ਲੈਂਦਿਆਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਇੱਥੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਆਉਣ ਤੋਂ ਗੁਰੇਜ਼ ਕਰਦਿਆਂ ਲੜਾਈ ਝਗੜੇ ਤੋਂ ਦੂਰ ਰਹਿ ਕੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਕਾਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਇਸ ਬਾਬਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਸਪਲਾਈ ਬਾਬਤ ਬਹੁਤ ਜ਼ਿਆਦਾ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਇਹ ਵੇਖਣ ਵਿੱਚ ਆ ਰਿਹਾ ਹੈ ਕਿ ਕਿਸਾਨਾਂ ਨੂੰ ਨਕਲੀ ਡੀਏਪੀ ਖਾਦ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਸਪਲਾਈ ਹੁੰਦੀ ਡੀਏਪੀ ਖਾਦ ਦੀ ਸਹੀ ਸੈਂਪਲਿੰਗ ਕਰਾਉਣ ਦੀ ਮੰਗ ਵੀ ਕੀਤੀ ਹੈ।
ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਮੰਡੀਆਂ ਵਿੱਚ ਆ ਰਹੀ ਝੋਨੇ ਦੀ ਪੀਆਰ 126 ਕਿਸਮ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਇਸਦੀ ਸਹੀ ਕੀਮਤ ਅਦਾ ਕੀਤੀ ਜਾਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਮੁੱਕਰਦੀ ਹੈ ਤਾਂ ਕਿਸਾਨਾਂ ਨੂੰ ਜ਼ੋਰਦਾਰ ਸੰਘਰਸ਼ ਕਰਨਾ ਪਵੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਉਹ ਖ਼ੁਦ ਜ਼ਿੰਮੇਵਾਰ ਹੋਵੇਗੀ।