ਪੰਜਾਬ ਦੇ ਸੰਸਦ ਮੈਂਬਰਾਂ ਨੂੰ ਪੰਜਾਬੀ ਵਿੱਚ ਸਹੁੰ ਚੁੱਕਣ ਦੀ ਅਪੀਲ
ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਜੂਨ
ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਾਸਾਰ ਲਈ ਯਤਨਸ਼ੀਲ ਲੇਖਕਾਂ, ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਸੰਸਥਾ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਲੋਕ ਸਭਾ ਚੋਣਾਂ ਵਿੱਚ ਜਿੱਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਸਹੁੰ ਪੰਜਾਬੀ ਭਾਸ਼ਾ ਵਿੱਚ ਹੀ ਚੁੱਕਣ ਦੀ ਅਪੀਲ ਕੀਤੀ ਹੈ। ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਕੇਂਦਰੀ ਵਜ਼ਾਰਤ ’ਚ ਬਤੌਰ ਕੇਂਦਰੀ ਰਾਜ ਮੰਤਰੀ ਵਜੋਂ ਸ਼ਾਮਲ ਕੀਤੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬੀ ’ਚ ਆਪਣੇ ਅਹੁਦੇ ਦੀ ਸਹੁੰ ਨਾ ਚੁੱਕ ਕੇ ਪੰਜਾਬੀ ਮਾਂ ਬੋਲੀ ਨਾਲ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕੇਂਦਰੀ ਵਜ਼ੀਰ ਕੋਲੋਂ ਸੂਬਾ ਵਾਸੀਆਂ ਨੂੰ ਪੰਜਾਬ, ਪੰਜਾਬੀ, ਪੰਜਾਬੀਅਤ ਦੇ ਵਿਕਾਸ ਦੀਆਂ ਬਹੁਤ ਉਮੀਦਾਂ ਹੁੰਦੀਆਂ ਹਨ, ਜਿਸ ਦੇ ਪਹਿਲੇ ਪੜਾਅ ’ਤੇ ਕੇਂਦਰੀ ਰਾਜ ਮੰਤਰੀ ਨੇ ਪੰਜਾਬੀ ਮਾਂ ਬੋਲੀ ਨੂੰੂ ਪਿਆਰ ਕਰਨ ਵਾਲਿਆਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਪੰਜਾਬੀ ਸੰਸਦ ਮੈਂਬਰ ਮਾਂ ਬੋਲੀ ਪੰਜਾਬੀ ਪ੍ਰਤੀ ਆਪਣਾ ਇਤਿਹਾਸਕ ਫ਼ਰਜ਼ ਜ਼ਰੂਰ ਨਿਭਾਉਣ ਤੇ ਪੰਜਾਬੀ ਭਾਸ਼ਾ ਦੇ ਵਿਕਾਸ ਵਿਚ ਬਣਦਾ ਯੋਗਦਾਨ ਪਾਉਣ।