ਬਾਗ਼ੀ ਅਕਾਲੀ ਆਗੂਆਂ ਦੇ ਮਾਮਲੇ ਮੁੜ ਵਿਚਾਰਨ ਦੀ ਅਪੀਲ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਦਸੰਬਰ
ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਅੱਜ ਅਕਾਲ ਤਖਤ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਦੇ ਕੇ ਕੁਝ ਬਾਗੀ ਅਕਾਲੀ ਆਗੂਆਂ ਦੇ ਮਾਮਲੇ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਇਹ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ, ਬੀਬੀ ਜਸਪਾਲ ਕੌਰ, ਜੋਧ ਸਿੰਘ ਸਮਰਾ, ਗੁਰਪ੍ਰੀਤ ਸਿੰਘ ਝੱਬਰ ਤੇ ਹੋਰ ਸ਼ਾਮਿਲ ਸਨ। ਇਸ ਪੱਤਰ ਵਿੱਚ ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਸੁਰਜੀਤ ਸਿੰਘ ਰੱਖੜਾ ਖਿਲਾਫ ਦੋਸ਼ ਲਾਏ ਗਏ ਹਨ। ਪੱਤਰ ਦੇਣ ਵਾਲਿਆਂ ਨੇ ਆਖਿਆ ਕਿ ਦੋ ਦਸੰਬਰ ਨੂੰ ਅਕਾਲ ਤਖ਼ਤ ਤੋਂ ਹੋਈ ਕਾਰਵਾਈ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੂੰ ਵੀ ਤਲਬ ਕੀਤਾ ਗਿਆ ਸੀ। ਉਸ ਨੂੰ ਬਰਾਬਰ ਦਾ ਦੋਸ਼ੀ ਮੰਨਿਆ ਗਿਆ ਸੀ। ਉਸ ਨੂੰ ਸੁਖਬੀਰ ਸਿੰਘ ਬਾਦਲ ਨਾਲ ਖੜ੍ਹੇ ਹੋਣ ਦਾ ਹੁਕਮ ਵੀ ਕੀਤਾ ਗਿਆ ਸੀ ਪਰ ਉਸ ਨੂੰ ਸਜ਼ਾ ਨਹੀਂ ਸੁਣਾਈ ਗਈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਨ ਅਤੇ ਮੁੜ ਯੋਗ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚੰਦੂਮਾਜਰਾ ਖ਼ਿਲਾਫ਼ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਸਮਰਥਨ ਕਰਨ ਦਾ ਦਾਅਵਾ ਕਰਦਿਆਂ ਵੀਡੀਓ ਵੀ ਨੱਥੀ ਕੀਤੀ ਜਦੋਂਕਿ ਸ੍ਰੀ ਚੰਦੂਮਾਜਰਾ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਗਿਆ ਸੀ। ਇਸ ਤਰ੍ਹਾਂ ਬੀਬੀ ਜਗੀਰ ਕੌਰ ’ਤੇ ਝੂਠ ਬੋਲਣ ਅਤੇ ਰੱਖੜਾ ਖ਼ਿਲਾਫ਼ ਡੇਰਾ ਸਿਰਸਾ ਜਾਣ ਸਬੰਧੀ ਦੋਸ਼ਾਂ ਤੋਂ ਮੁਕਰਨ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਕੀਤੀ।