ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਪੱਤਰ ਪ੍ਰੇਰਕ
ਰਤੀਆ, 20 ਮਾਰਚ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਆਮ ਚੋਣਾਂ-2024 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਆਸ ਕਰਦੇ ਹਨ ਕਿ ਉਹ ਰਤੀਆ ਵਿਧਾਨ ਸਭਾ ਹਲਕੇ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਵਿੱਚ ਹਮੇਸ਼ਾ ਕਾਮਯਾਬ ਰਹਿਣਗੇ। ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਗਲਤ ਭਾਸ਼ਣਾਂ ਅਤੇ ਅਫਵਾਹਾਂ ਤੋਂ ਦੂਰ ਰਹਿਣ। ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਜੇਕਰ ਤੁਹਾਨੂੰ ਕਿਤੇ ਵੀ ਕੋਈ ਸ਼ੱਕ ਹੋਵੇ ਤਾਂ ਤੁਸੀਂ ਇਸ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰ ਸਕਦੇ ਹੋ, ਇਸ ਲਈ ਪ੍ਰਸ਼ਾਸਨ ਤੁਹਾਡੇ ਸਹਿਯੋਗ ਲਈ ਹਰ ਸੰਭਵ ਮਦਦ ਕਰਨ ਲਈ ਤਿਆਰ ਰਹੇਗਾ। ਇਸ ਮੌਕੇ ਤਹਿਸੀਲਦਾਰ ਵਿਜੈ ਕੁਮਾਰ, ਕਾਨੂੰਗੋ ਸਤਬੀਰ ਸਿੰਘ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।