ਰਾਸ਼ਟਰਪਤੀ ਨੂੰ ਦਿੱਲੀ ਸਰਕਾਰ ਬਰਖ਼ਾਸਤ ਕਰਨ ਦੀ ਅਪੀਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਗਸਤ
ਦਿੱਲੀ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਦੀ ਅਗਵਾਈ ਵਿੱਚ ਵਿਧਾਇਕਾਂ ਦਾ ਵਫ਼ਦ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਅਤੇ ਦਿੱਲੀ ਦੀ ਮੌਜੂਦਾ ਸਥਿਤੀ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ। ਵਫ਼ਦ ਨੇ ਅੱਜ ਰਾਸ਼ਟਰਪਤੀ ਨੂੰ ਮਿਲ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੰਮਕਾਜ ’ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਉਨ੍ਹਾਂ ਮੰਗ ਪੱਤਰ ਵਿੱਚ ਦਿੱਲੀ ਵਿੱਚ ਵਿਗੜ ਰਹੇ ਪ੍ਰਸ਼ਾਸਨਿਕ ਪ੍ਰਬੰਧ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿਚ ਹੋਣ ਦੇ ਬਾਵਜੂਦ ਕੇਜਰੀਵਾਲ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਕਾਰਨ ਦਿੱਲੀ ਵਿਚ ਪ੍ਰਸ਼ਾਸਨਿਕ ਪ੍ਰਣਾਲੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਅਹਿਮ ਪ੍ਰਸ਼ਾਸਨਿਕ ਫੈਸਲਿਆਂ ਵਿੱਚ ਦੇਰੀ ਹੋ ਰਹੀ ਹੈ ਅਤੇ ਜ਼ਰੂਰੀ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਦਾ ਖਮਿਆਜ਼ਾ ਦਿੱਲੀ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।ਵਿਰੋਧੀ ਧਿਰ ਨੇ ‘ਆਪ’ ਸਰਕਾਰ ਵੱਲੋਂ ਕੀਤੀਆਂ ਕਥਿਤ ਅਹਿਮ ਸੰਵਿਧਾਨਕ ਉਲੰਘਣਾਵਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਛੇਵੇਂ ਦਿੱਲੀ ਵਿੱਤ ਕਮਿਸ਼ਨ ਦਾ ਗਠਨ ਨਾ ਕਰਨਾ, ਇਸ ਦੀ ਨਾਕਾਮੀ ਹੈ। ਵਿਧਾਨ ਸਭਾ ਵਿੱਚ ਕੈਗ ਦੀਆਂ 11 ਰਿਪੋਰਟਾਂ ਨੂੰ ਪੇਸ਼ ਕਰਨ ਵਿੱਚ ਵਾਰ-ਵਾਰ ਅਸਫਲ ਰਹੀ ਹੈ। ਇਸ ਵਫ਼ਦ ਵਿੱਚ ਵਿਧਾਇਕ ਮੋਹਨ ਸਿੰਘ ਬਿਸ਼ਟ, ਓਮ ਪ੍ਰਕਾਸ਼ ਸ਼ਰਮਾ, ਅਜੈ ਮਹਾਵਰ, ਅਭੈ ਵਰਮਾ, ਅਨਿਲ ਵਾਜਪਾਈ, ਜਤਿੰਦਰ ਮਹਾਜਨ, ਕਰਤਾਰ ਸਿੰਘ ਤੰਵਰ ਅਤੇ ਦਿੱਲੀ ਦੇ ਸਾਬਕਾ ਮੰਤਰੀ ਰਾਜਕੁਮਾਰ ਆਨੰਦ ਸ਼ਾਮਲ ਸਨ ਅਤੇ ਰਾਸ਼ਟਰਪਤੀ ਮੁਰਮੂ ਨੂੰ ਸੰਵਿਧਾਨ ਦੀ ਧਾਰਾ 356 ਤਹਿਤ ਮੌਜੂਦਾ ਦਿੱਲੀ ਸਰਕਾਰ ਨੂੰ ਬਰਖਾਸਤ ਕਰਨ ਦੀ ਬੇਨਤੀ ਕੀਤੀ ਹੈ।